ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਨ੍ਹਾਂ ਫ਼ੈਸਲਿਆਂ 'ਤੇ ਲੱਗੀ ਮੋਹਰ

Saturday, Aug 12, 2023 - 04:55 AM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਦੱਸਿਆ ਗਿਆ। ਮੀਟਿੰਗ ਦੌਰਾਨ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਲਈ 'ਸੜਕ ਸੁਰੱਖਿਆ ਫੋਰਸ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ।

ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ 'ਤੇ ਪੰਜਾਬ ਪੁਲਸ ਦੇ ਇਸ ਅਧਿਕਾਰੀ ਨੂੰ 'ਮੁੱਖ ਮੰਤਰੀ ਮੈਡਲ' ਨਾਲ ਕੀਤਾ ਜਾਵੇਗਾ ਸਨਮਾਨਿਤ

‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ 'ਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁੱਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧੀਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫ਼ੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ 'ਤੇ ਵਾਪਰਦੇ ਹਨ ਅਤੇ ਇਹ ਫੋਰਸ ਹਾਦਸਿਆਂ 'ਤੇ ਠੱਲ੍ਹ ਪਾਉਣ 'ਚ ਮਦਦ ਕਰੇਗੀ। ਇਸ ਤੋਂ ਇਲਾਵਾ ਸ਼ਹੀਦ ਸਮਾਰਕ ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : PSEB ਵੱਲੋਂ ਇਨ੍ਹਾਂ ਕੋਰਸਾਂ ਲਈ ਦਾਖ਼ਲਾ 16 ਅਗਸਤ ਤੋਂ ਸ਼ੁਰੂ, ਇੰਝ ਫਾਰਮ ਭਰ ਸਕਣਗੇ ਵਿਦਿਆਰਥੀ

ਇਸ ਸਮਾਰਕ 'ਤੇ ਸਬੰਧਿਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ, ਜਿਨ੍ਹਾਂ ਨੇ ਆਜ਼ਾਦੀ ਦੇ ਅੰਦੋਲਨ ਵਿਚ ਜਾਂ ਕਿਸੇ ਜੰਗ ਵਿਚ ਸ਼ਹਾਦਤ ਦਿੱਤੀ ਸੀ ਤਾਂ ਕਿ ਸਾਡੇ ਨੌਜਵਾਨ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਹੋ ਸਕਣ। ਇਹ ਸਮਾਰਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਖਾਤਰ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰੇਗੀ।  ਮੀਟਿੰਗ 'ਚ ਦਿੱਲੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਫ਼ੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ 'ਚ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ 'ਚ ਪੰਜਾਬ ਮੋਹਰੀ ਹੋਵੇ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News