ਪੰਜਾਬ 'ਚ 'ਕੋਰੋਨਾ' ਦਾ ਭੜਥੂ, ਇਕ ਹੋਰ ਮੰਤਰੀ ਦੀ ਰਿਪੋਰਟ ਆਈ ਪਾਜ਼ੇਟਿਵ

08/25/2020 3:09:54 PM

ਲੁਧਿਆਣਾ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੀ ਕਈ ਸਿਆਸੀ ਆਗੂ ਵੀ ਹੁਣ ਤੱਕ ਇਸ ਭਿਆਨਕ ਬੀਮਾਰੀ ਦੇ ਸ਼ਿਕਾਰ ਹੋ ਚੁੱਕੇ ਹਨ। ਹੁਣ ਪੰਜਾਬ ਦੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਨੇ ਇਸ ਬਾਰੇ ਆਪਣੇ ਫੇਸਬੁੱਕ ਪੇਜ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਉਹ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਇਕਾਂਤਵਾਸ ਹਨ। ਉਨ੍ਹਾਂ ਨੇ ਆਪਣੇ ਬੀਤੇ ਦਿਨੀਂ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਇਕਾਂਤਵਾਸ ਦੌਰਾਨ ਬਿਲਕੁਲ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ।
ਇਸ ਤੋਂ ਇਲਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਵਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਪਿਛਲੇ ਕੁਝ ਦਿਨਾਂ ਤੋਂ ਹੀ ਆਪਣੇ ਘਰ 'ਚ ਇਕਾਂਤਵਾਸ ਸਨ ਅਤੇ ਹੁਣ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਉਨ੍ਹਾਂ ਨੇ ਖੁਦ ਨੂੰ ਪਰਿਵਾਰ ਤੋਂ ਪੂਰੀ ਤਰ੍ਹਾਂ ਵੱਖ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਪੂਰਾ ਪਰਿਵਾਰ ਚੜ੍ਹਦੀ ਕਲਾ 'ਚ ਹੈ। 
 


Babita

Content Editor

Related News