ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੱਕ : ਐਡਵੋਕੇਟ ਧਾਮੀ

Sunday, Nov 20, 2022 - 07:28 PM (IST)

ਅੰਮ੍ਰਿਤਸਰ (ਬਿਊਰੋ) : ਚੰਡੀਗੜ੍ਹ ’ਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ ਅਤੇ ਇਸ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੀ ਅਣਦੇਖੀ ਕਰਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੀ ਤਰਜਮਾਨੀ ਕਰਨ ਦੀ ਥਾਂ ਵਿਰੋਧ ’ਚ ਭੁਗਤ ਰਹੇ ਹਨ। ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ’ਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼, ਸਰਹੱਦ ਪਾਰੋਂ ਆਏ 2 ਡ੍ਰੋਨਜ਼ ’ਤੇ BSF ਵੱਲੋਂ ਫਾਇਰਿੰਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸਾਜ਼ਿਸ਼ੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ’ਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ। ਕੇਂਦਰ ਵੱਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜ਼ਮੀਨ ਦੀ ਵਰਤੋਂ ਕਰੇ ਅਤੇ ਮੌਜੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ ’ਤੇ ਹਾਮੀ ਨਾ ਭਰਨ।

ਇਹ ਖ਼ਬਰ ਵੀ ਪੜ੍ਹੋ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ, ਸ੍ਰੀ ਦਰਬਾਰ ਸਾਹਿਬ ਸਬੰਧੀ ਕੀਤੀ ਸੀ ਇਤਰਾਜ਼ਯੋਗ ਬਿਆਨਬਾਜ਼ੀ


Manoj

Content Editor

Related News