ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਅਪੀਲ
Tuesday, Oct 05, 2021 - 09:06 PM (IST)
ਚੰਡੀਗੜ੍ਹ, ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਕਰੀਬ ਅੱਧਾ ਘੰਟਾ ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਹੋਈ। ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ। ਉਨ੍ਹਾਂ ਵੱਲੋਂ ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਮਦਦ ਮਿਲੇਗੀ।
ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੇ ਇਥੇ ਸਥਿਤ ਨਿਵਾਸ ਸਥਾਨ ’ਤੇ ਅੱਜ ਸ਼ਾਮ ਮੁਲਾਕਾਤ ਕੀਤੀ। ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜਾਹਿਰ ਕੀਤੀ ਕਿ ਉਨ੍ਹਾਂ ਨੂੰ ਅੱਜ ਸੁਖਾਵੇਂ ਮਾਹੌਲ ਵਿੱਚ ਹੋਈ ਗੱਲਬਾਤ ਤੋਂ ਬਾਅਦ ਇਸਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ।
ਇਹ ਵੀ ਪੜ੍ਹੋ : ਜੇ ਸਿੱਧੂ ਅਸਤੀਫ਼ੇ ’ਤੇ ਅੜੇ ਰਹੇ ਤਾਂ ਕਾਂਗਰਸ ਕੋਲ ਤਿਆਰ ਹੈ ‘ਪਲਾਨ-ਬੀ’ : ਹਰੀਸ਼ ਚੌਧਰੀ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲਣ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਸਥਾਰ ਸਹਿਤ ਚਰਚਾ ਮਗਰੋਂ ਲਾਂਘਾ ਖੋਲਣ ਸਬੰਧੀ ਫੈਸਲਾ ਲੈਣਗੇ।
ਇਹ ਵੀ ਪੜ੍ਹੋ- ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ : CM ਚੰਨੀ
ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਲਈ ਬੇਨਤੀ ਕੀਤੀ। ਲਖੀਮਪੁਰ ਖੀਰੀ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਜਿਹੇ ਜ਼ਾਲਮਾਨਾ ਕਾਰੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੇ ਹਾਸਦੇ ਦੇ ਪੀੜਿਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨ੍ਹਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗਿ੍ਰਫਤਾਰ ਕੀਤਾ ਗਿਆ, ਉਹ ਨਿੰਦਣਯੋਗ ਹੈ ਅਤੇ ਇਹ ਚਲਨ ਰੁਕਣਾ ਚਾਹੀਦਾ ਹੈ।