ਵਪਾਰਕ ਸੌਖ ਸਬੰਧੀ ਸਰਵੇਖਣ ''ਚ ਪੰਜਾਬ ਨੂੰ ਮਿਲੇ 19ਵੇਂ ਰੈਂਕ ਤੋਂ ਮੁੱਖ ਮੰਤਰੀ ਅਸੰਤੁਸ਼ਟ
Thursday, Sep 10, 2020 - 02:03 PM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਵਪਾਰਕ ਸੌਖ ਸਬੰਧੀ ਸਰਵੇਖਣ 'ਚ ਪੰਜਾਬ ਦੇ 19ਵੇਂ ਸਥਾਨ 'ਤੇ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਨਿਸ਼ਾਨਾ ਅਗਲੇ ਪੰਜ ਸਾਲਾਂ 'ਚ ਸੂਬੇ ਨੂੰ ਸਿਖਰਲੇ ਸਥਾਨ 'ਤੇ ਲਿਜਾਣ ਦਾ ਹੈ, ਜਿਸ ਲਈ ਕਾਰੋਬਾਰੀ ਸੌਖ ਨੂੰ ਹੁਲਾਰਾ ਦੇਣ ਲਈ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਵੈ-ਪ੍ਰਵਾਨਗੀਆਂ ਦੀ ਨਵੀਂ ਪ੍ਰਣਾਲੀ 'ਤੇ ਕੰਮ ਕਰ ਰਹੀ ਹੈ, ਜਿਸ 'ਚ ਤੈਅ ਸਮਾਂ ਸੀਮਾ ਖਤਮ ਹੋਣ 'ਤੇ ਆਪਣੇ ਆਪ ਆਨਲਾਈਨ ਪ੍ਰਵਾਨਗੀ ਜਾਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ੀ ਤੇ ਘਰੇਲੂ ਕੰਪਨੀਆਂ ਨੂੰ ਖਿੱਚਣ ਲਈ ਲੁਧਿਆਣਾ, ਰਾਜਪੁਰਾ, ਬਠਿੰਡਾ ਤੇ ਮੋਹਾਲੀ ਵਿਖੇ ਅਤਿ-ਆਧੁਨਿਕ ਮੈਗਾ ਪਾਰਕ ਸਥਾਪਤ ਹੋ ਰਹੇ ਹਨ। ਕੈਪਟਨ ਨੇ ਇਹ ਦੱਸਦਿਆਂ ਕਿ ਪੰਜਾਬ 20ਵੀਂ ਸਦੀ ਵਿਚ ਨੰਬਰ ਇਕ ਸੂਬਾ ਸੀ, ਉਦਯੋਗਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦਾ ਪਹਿਲਾਂ ਵਾਲਾ ਸਥਾਨ ਮੁੜ ਹਾਸਲ ਕਰਨ ਲਈ ਸਰਕਾਰ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਆਪਣਾ ਯੋਗਦਾਨ ਪਾਉਣ। ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਉਪਰੰਤ ਆਉਣ ਵਾਲੇ ਸਾਲ ਵਿਚ ਆਮ ਵਰਗਾ ਮਾਹੌਲ ਹੋਣ 'ਤੇ ਉਹ ਨਿਵੇਸ਼ਕਾਂ ਨੂੰ ਹੋਰ ਵੀ ਸਹਿਯੋਗ ਦੇਣਗੇ। ਆਪਣੀ ਹੁਨਰ ਸਿਖਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਨੂੰ ਨੌਕਰੀ ਆਧਾਰਤ ਬਣਾਉਣ ਲਈ ਉਦਯੋਗਾਂ ਨੂੰ ਸੂਬੇ ਦੇ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕੈਪਟਨ ਨੇ ਕਿਹਾ, 'ਤੁਹਾਨੂੰ ਹੁਨਰਮੰਦ ਮਨੁੱਖੀ ਸ਼ਕਤੀ ਚਾਹੀਦੀ ਹੈ ਅਤੇ ਤੁਸੀਂ ਇਨ੍ਹਾਂ ਸਿੱਖਿਅਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਚੰਗੇ ਪੈਕੇਜ 'ਤੇ ਲੈ ਸਕਦੇ ਹੋ।'' ਮੁੱਖ ਮੰਤਰੀ ਚਿਤਕਾਰਾ ਯੂਨੀਵਰਸਿਟੀ ਵਲੋਂ 'ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਕੋਵਿਡ ਤੋਂ ਬਾਅਦ ਦੀ ਦੁਨੀਆ ਲਈ ਨੌਕਰੀ ਦੇ ਖੇਤਰ ਅਤੇ ਲੋੜੀਂਦੇ ਹੁਨਰ ਸਬੰਧੀ ਕੁਝ ਸਨਅਤੀ ਦਿੱਗਜ਼ਾਂ ਨਾਲ ਵਰਚੁਅਲ ਕਾਨਫਰੰਸ ਕਰ ਰਹੇ ਸਨ।
ਇਹ ਵੀ ਪੜ੍ਹੋ : ਅਨਲਾਕ-4 ਤਹਿਤ ਨਵੇਂ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ
ਸੂਬੇ ਦੇ ਹਰੇਕ ਘਰ ਵਿਚ ਰੋਜ਼ਗਾਰ ਦੇਣ ਦੇ ਦਿਸ਼੍ਰਟੀਕੋਣ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਮਹੱਤਵਪੂਰਨ ਯੋਜਨਾ 'ਘਰ-ਘਰ ਰੋਜ਼ਗਾਰ ਮਿਸ਼ਨ' ਦੀ ਸਫਲਤਾ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਸਾਰੇ ਜ਼ਿਲਿਆਂ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਉਦਮੀ ਬਿਊਰੋ ਸਥਾਪਤ ਕੀਤੇ ਗਏ ਹਨ। ਸਾਡੀ ਸਰਕਾਰ ਉਦਯੋਗਾਂ ਦੀ ਹੁਨਰਮੰਦ ਕਿਰਤ ਦੀ ਮੰਗ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ। ਇਸ ਸਹੂਲਤ ਦਾ ਫਾਇਦਾ ਲੈਣ ਲਈ ਹੁਣ ਤਕ 8 ਲੱਖ ਤੋਂ ਵੱਧ ਨੌਜਵਾਨਾਂ ਨੇ ਪੋਰਟਲ 'ਤੇ ਖੁਦ ਨੂੰ ਰਜਿਸਟਰਡ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਖਾਸ ਕਰਕੇ ਕੋਵਿਡ ਤੋਂ ਬਾਅਦ ਦੇ ਮਾਹੌਲ ਦੇ ਸੰਦਰਭ ਵਿਚ ਉਨ੍ਹਾਂ ਦੀ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਵਿਚ ਸੋਧਾਂ ਕੀਤੀਆਂ ਜਾਣਗੀਆਂ, ਕਿਉਂਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : ਸ਼ੱਕ ਨੇ ਉਜਾੜੇ ਪਾਇਆ ਪਰਿਵਾਰ, ਆਪੇ ਤੋਂ ਬਾਹਰ ਹੋਏ ਪਤੀ ਨੇ ਕਰ ਦਿੱਤਾ ਵੱਡਾ ਕਾਰਾ
ਕੋਵਿਡ ਮਹਾਮਾਰੀ ਕਾਰਣ ਉਦਯੋਗਿਕ ਵਿਕਾਸ 'ਤੇ ਮਾੜਾ ਅਸਰ ਪਿਆ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਨੇ ਉਦਯੋਗਿਕ ਵਿਕਾਸ ਦੀ ਪ੍ਰਕਿਰਿਆ ਨੂੰ ਸੱਟ ਮਾਰੀ ਹੈ, ਜਿਸ ਨਾਲ ਆਰਥਿਕਤਾ 'ਤੇ ਬਹੁਤ ਬੁਰਾ ਅਸਰ ਪਿਆ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਦੌਰਾਨ ਵੀ ਸੂਬੇ ਨੂੰ 2500 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਨਿਵੇਸ਼ਕਾਂ ਨੂੰ ਪੰਜਾਬ 'ਤੇ ਭਰੋਸਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਲੋਂ ਨਵੀਂ ਸਨਅਤੀ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਸਾਢੇ ਤਿੰਨ ਸਾਲਾਂ 'ਚ ਸੂਬੇ ਵਿਚ ਜ਼ਮੀਨੀ ਪੱਧਰ 'ਤੇ 64,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।