ਬੇਅਦਬੀ ਮਾਮਲਿਆਂ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਰਵਾਈ ਨਾ ਹੋਣ ਦੇ ਰੋਸ ਵਜੋਂ 2 ਜਨਵਰੀ ਨੂੰ ਹੋਵੇਗਾ ਪੰਥਕ ਇਕੱਠ

Thursday, Dec 23, 2021 - 05:03 PM (IST)

ਬੇਅਦਬੀ ਮਾਮਲਿਆਂ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਰਵਾਈ ਨਾ ਹੋਣ ਦੇ ਰੋਸ ਵਜੋਂ 2 ਜਨਵਰੀ ਨੂੰ ਹੋਵੇਗਾ ਪੰਥਕ ਇਕੱਠ

ਚੰਡੀਗੜ੍ਹ (ਬਿਊਰੋ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ’ਤੇ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬੇਅਦਬੀ ਘਟਨਾ ’ਤੇ ਕੋਈ ਕਾਰਵਾਈ ਨਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਮੰਜੀ ਸਾਹਿਬ ਅੰਮ੍ਰਿਤਸਰ ਵਿਖੇ 2 ਜਨਵਰੀ ਨੂੰ ਵੱਡਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਇਸ ਫ਼ੈਸਲੇ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਦਲ ਨੇ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਨੂੰ ਕਾਂਗਰਸ ਸਰਕਾਰ ਅਤੇ ਇਨ੍ਹਾਂ ਦੇ ਗ੍ਰਹਿ ਮੰਤਰੀ ’ਤੇ ਕੋਈ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਾਂਗਰਸ ਸਰਕਾਰ ਬੇਅਦਬੀ ਦੇ ਘਿਨੌਣੇ ਕਾਰੇ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ ਅਤੇ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਨਕਾਬ ਕਰਨ 'ਚ ਕੋਈ ਦਿਲਚਸਪੀ ਨਹੀਂ ਹੈ। ਸਿੱਖਾਂ ਅਤੇ ਪੰਜਾਬੀਆਂ ਨੇ ਸਰਕਾਰ ਵੱਲੋਂ ਕੇਸ ਦੀ ਹੇਠਲੇ ਪੱਧਰ ਦੀ ਜਾਂਚ ਦੇ ਕੀਤੇ ਹੁਕਮ ਵੀ ਰੱਦ ਕਰ ਦਿੱਤੇ ਹਨ ਤੇ ਇਹ ਹਾਈਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਚਾਹੁੰਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਕੇਸਾਂ ਦੀ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ’ਚ ਫੇਲ੍ਹ ਹੋ ਗਈ ਹੈ, ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਟਕਾ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ’ਚ ਸੁੱਟਣ ਵਾਲਾ ਵਿਅਕਤੀ ਪੁਲਸ ਦੇ ਹਵਾਲੇ ਵੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ਧਮਾਕੇ ਵਾਲੇ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਗ੍ਰਹਿ ਮੰਤਰੀ ਰੰਧਾਵਾ ਦਾ ਵੱਡਾ ਬਿਆਨ

 ਉਨ੍ਹਾਂ ਕਿਹਾ ਕਿ ਜੇਕਰ ਕੇਸ ਦੀ ਸਹੀ ਤਰੀਕੇ ਜਾਂਚ ਕੀਤੀ ਗਈ ਹੁੰਦੀ ਤਾਂ ਫਿਰ 18 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵਾਪਰੀ ਮੰਦਭਾਗੀ ਘਟਨਾ ਵਾਪਰਨ ਤੋਂ ਰੋਕੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 15 ਦਸੰਬਰ ਨੂੰ ਵਾਪਰੇ ਬੇਅਦਬੀ ਮਾਮਲੇ ’ਚ 48 ਘੰਟਿਆਂ ਦੇ ਅੰਦਰ ਅੰਦਰ ਸਾਰੀ ਸਾਜ਼ਿਸ਼ ਬੇਨਕਾਬ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਕੱਖ ਵੀ ਜਨਤਕ ਨਹੀਂ ਕੀਤਾ ਗਿਆ। ਜਦੋਂ ਪੁੱਛਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਲੁਧਿਆਣਾ ਵਿਖੇ ਬੰਬ ਧਮਾਕਾ ਵੀ ਸੂਬੇ ’ਚ ਸ਼ਾਂਤੀ ਨੂੰ ਅਸਥਿਰ ਕਰਨ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਲੋਕ ਫਿਰਕੂ ਘਟਨਾਵਾਂ ਨਾਲ ਭੜਕਣਗੇ। ਸ੍ਰੀ ਹਰਿਮੰਦਰ ਸਾਹਿਬ ’ਚ ਹੀ ਬੇਅਦਬੀ ਹੋ ਗਈ। ਇਸ ਮਗਰੋਂ ਹੁਣ ਬੰਬ ਧਮਾਕਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇ ਖਾਸ ਤੌਰ ’ਤੇ ਸੂਬਾ ਪੁਲਸ ਮੁਖੀ ਨੂੰ ਅਮਨ ਕਾਨੂੰਨ ਦੀ ਸਥਿਤੀ ’ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ, ਨਾ ਕਿ ਬਦਲਾਖੋਰੀ ਦੀ ਰਾਜਨੀਤੀ ’ਚ ਉਲਝਣਾ ਚਾਹੀਦਾ ਹੈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ 'ਚ ਵਾਪਰੀਆਂ ਬੇਅਦਬੀ ਤੇ ਹਿੰਸਾ ਦੀਆਂ ਘਟਨਾਵਾਂ ਦਾ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਕੰਧ ’ਤੇ ਲਿਖੇ ਨਤੀਜੇ ਨਾਲ ਸਿੱਧਾ ਸਬੰਧ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਭਾਰ ਨਾਲ ਉਹ ਬੌਖਲਾ ਗਏ ਹਨ, ਜਿਨ੍ਹਾਂ ਨੂੰ ਅਕਾਲੀ ਦਲ ਦੇ ਸੱਤਾ ਵਿਚ ਵਾਪਸ ਪਰਤਣ ਨਾਲ ਨੁਕਸਾਨ ਹੋਵੇਗਾ। ਬਾਦਲ ਨੇ ਕਿਹਾ ਕਿ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਨੂੰ ਮੁਗਲਾਂ, ਅੰਗਰੇਜ਼ਾਂ ਤੇ ਕਾਂਗਰਸੀ ਸ਼ਾਸਕਾਂ ਨੇ ਹਮੇਸ਼ਾ ਨਿਸ਼ਾਨਾ ਬਣਾਇਆ। 1984 ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਮਨੁੱਖਤਾ ਦੇ ਇਸ ਸਭ ਤੋਂ ਪਵਿੱਤਰ ਤੀਰਥ ਅਸਥਾਨ ਨੂੰ ਮਾੜੇ ਮਨਸੂਬਿਆਂ ਦਾ ਨਿਸ਼ਾਨਾ ਬਣਾਇਆ ਗਿਆ ਤੇ ਇਹ ਸਿਰਫ ਸਹਿਜ ਸੁਭਾਅ ਨਹੀਂ ਕਿ ਅਜਿਹਾ ਕਾਂਗਰਸ ਸਰਕਾਰ ਵੇਲੇ ਹੀ ਵਾਪਰਿਆ। 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News