ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ ਵਪਾਰੀਆਂ ਨੇ ਕਿਉਂ ਦਿੱਤੀ WARNING

Thursday, Nov 12, 2026 - 03:56 PM (IST)

ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ ਵਪਾਰੀਆਂ ਨੇ ਕਿਉਂ ਦਿੱਤੀ WARNING

ਫ਼ਰੀਦਕੋਟ (ਜਗਤਾਰ ਸਿੰਘ): ਫ਼ਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿਖੇ ਨੌਜਵਾਨਾਂ ਦੇ ਇਕ ਗਰੁੱਪ ਵੱਲੋਂ ਗੁੰਡਾਗਰਦੀ ਕਰਦਿਆਂ ਇਕ ਕਾਰੋਬਾਰੀ ਅਤੇ ਉਸ ਦੇ ਪੁੱਤਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਕਾਰੋਬਾਰੀ ਦਾ ਪੁੱਤਰ ਜੈ ਸੇਠੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਵਿਰੋਧ ਵਿਚ ਪੁਰਾਣੀ ਅਨਾਜ ਮੰਡੀ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਵਪਾਰੀਆਂ ਨੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਸ ਵੱਲੋਂ ਜਲਦ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਸ਼ਹਿਰ ਵਿਚ ਹੜਤਾਲ ਕਰਵਾਈ ਜਾਵੇਗੀ। ਵਪਾਰੀਆਂ ਵੱਲੋਂ ਸ਼ਹਿਰ ਬੰਦ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ।

ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਸ਼ਾਮ ਦੀ ਹੈ। ਪੁਰਾਣੀ ਅਨਾਜ ਮੰਡੀ ਵਿਚ ਹੋਲਸੇਲ ਕਰਿਆਨੇ ਦਾ ਕਾਰੋਬਾਰ ਕਰਨ ਵਾਲੇ ਅਮਿਤ ਸੇਠੀ ਦੇ ਪੁੱਤਰ ਜੈ ਸੇਠੀ ਦੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਨੌਜਵਾਨਾਂ ਨੇ ਜੈ ਸੇਠੀ ਨਾਲ ਧੱਕਾ-ਮੁੱਕੀ ਕੀਤੀ। ਜਦੋਂ ਉਸ ਦੇ ਪਿਤਾ ਅਮਿਤ ਸੇਠੀ ਨੇ ਦਖ਼ਲ ਦੇ ਕੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਵੀ ਧੱਕਾ-ਮੁੱਕੀ ਕੀਤੀ। ਮੁੱਢਲੀ ਤਕਰਾਰ ਤੋਂ ਬਾਅਦ ਨੌਜਵਾਨ ਉੱਥੋਂ ਚਲੇ ਗਏ, ਪਰ ਕੁਝ ਸਮੇਂ ਬਾਅਦ ਉਹ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਪਿਸਤੌਲ ਅਤੇ ਹੋਰ ਹਥਿਆਰ ਲੈਕੇ ਮੁੜ ਮੌਕੇ ’ਤੇ ਪਹੁੰਚ ਗਏ ਅਤੇ ਅਮਿਤ ਸੇਠੀ ਤੇ ਉਸਦੇ ਪੁੱਤਰ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜੈ ਸੇਠੀ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ।

ਇਸ ਘਟਨਾ ਤੋਂ ਬਾਅਦ ਅੱਜ ਵਪਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੌਕੇ ’ਤੇ ਗੱਲਬਾਤ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਵਰਿੰਦਰ ਸ਼ਾਹ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਵਪਾਰ ਮੰਡਲ ਸਮੁੱਚੇ ਸ਼ਹਿਰ ਵਿਚ ਹੜਤਾਲ ਕਰਨ ਲਈ ਮਜਬੂਰ ਹੋਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਭਾਜਪਾ ਆਗੂ ਸਨੀ ਬਰਾੜ ਅਤੇ ਡਾ. ਸੰਜੀਵ ਗੋਇਲ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ। 

ਉੱਧਰ, ਥਾਣਾ ਸਿਟੀ ਦੇ ਐੱਸ.ਐੱਚ.ਓ. ਰਾਜਵੰਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਖ਼ਮੀ ਦੁਕਾਨਦਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।


author

Anmol Tagra

Content Editor

Related News