ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਫ਼ੌਜੀ ਸੇਵਾ ਲਈ ਸਿਖਲਾਈ ਦੇਣ ਹਿੱਤ ਸਥਾਈ ਸੀ-ਪਾਈਟ ਕੈਂਪ ਦਾ ਰੱਖਿਆ ਨੀਂਹ ਪੱਥਰ
Thursday, Sep 09, 2021 - 04:12 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲ ਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ ਦੀ ਲਾਮਿਸਾਲ ਸੂਰਮਗਤੀ ਨੂੰ ਸਿਜਦਾ ਕਰਨ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਫ਼ੌਜ ਅਤੇ ਅਰਧ-ਸੈਨਿਕ ਬਲਾਂ ਵਿੱਚ ਚੋਣ ਹਿੱਤ ਢੁੱਕਵੀਂ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਦਾ ਉਦਘਾਟਨ ਵੀ ਕੀਤਾ, ਜਿਸ ਦਾ ਟੀਚਾ ਪੰਜਾਬ ਭਰ ਵਿੱਚ 2.5 ਲੱਖ ਆਸਾਮੀਆਂ ਭਰਨਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਦੇ ਭਰਤੀ ਇਮਤਿਹਾਨਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਅਤੇ 'ਮੇਰਾ ਕੰਮ ਮੇਰਾ ਮਾਣ' ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਤਾਂ ਜੋ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤਹਿਤ ਰਜਿਸਟਰਡ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੁਜ਼ਗਾਰ ਸਹਾਇਤਾ ਭੱਤਾ (2500 ਰੁਪਏ ਪ੍ਰਤੀ ਮਹੀਨਾ) ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਲੜਾਈ ਬਾਰੇ ਹਰੀਸ਼ ਰਾਵਤ ਦੇ ਨਵੇਂ ਬਿਆਨ ਕਾਰਨ ਗਰਮਾਈ ਸਿਆਸਤ, ਜਾਣੋ ਕੀ ਬੋਲੇ
ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਨੌਕਰੀ ਲਈ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ, ਜਿਸ ਲਈ ਸੂਬਾ ਸਰਕਾਰ ਵੱਲੋਂ ਮੁਫ਼ਤ ਹੁਨਰ ਸਿਖਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਇਕ ਨਵਾਂ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 26.96 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਸੀ. ਡੀ. ਐਸ. ਈ. ਅਤੇ ਐਫਕੈਟ ਇਮਤਿਹਾਨਾਂ ਲਈ ਤਿਆਰ ਕੀਤਾ ਜਾ ਸਕੇ। ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਾਉਣ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਬੀਤੇ ਚਾਰ ਵਰ੍ਹਿਆਂ ਤੋਂ ਰੋਜ਼ਾਨਾ ਔਸਤਨ 1200 ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਚਿੱਟੇ ਦਾ ਟੀਕਾ ਭਰ ਕੇ ਲਾਉਂਦਾ ਨੌਜਵਾਨ ਰੰਗੇ ਹੱਥੀਂ ਕਾਬੂ, ਤਰਲੇ-ਮਿੰਨਤਾਂ ਕਰਕੇ ਛੁਡਾਇਆ ਖਹਿੜਾ
ਇਸੇ ਨੂੰ ਮੁੱਖ ਰੱਖਦੇ ਹੋਏ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਰਕਾਰੀ/ਨਿੱਜੀ ਨੌਕਰੀਆਂ, ਕੈਰੀਅਰ ਸਬੰਧੀ ਕਾਊਂਸਲਿੰਗ, ਸਵੈ-ਰੁਜ਼ਗਾਰ ਸ਼ੁਰੂ ਕਰਨਾ, ਵਿਦੇਸ਼ਾਂ ਵਿੱਚ ਪੜ੍ਹਾਈ/ਨੌਕਰੀ ਅਤੇ ਹੁਨਰ ਵਿਕਾਸ ਦੀ ਸਿਖਲਾਈ ਸਬੰਧੀ ਨੌਜਵਾਨ ਪੀੜ੍ਹੀ ਦੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਕ ਹੋਰ ਪਹਿਲ ਕਦਮੀ ਵਿੱਚ 'ਮਿਸ਼ਨ ਰੈੱਡ ਸਕਾਈ' ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਓਟ ਕਲੀਨਿਕਾਂ ਵਿਖੇ ਇਲਾਜ ਕਰਵਾ ਰਹੇ ਨਸ਼ਾ ਪੀੜਤਾਂ/ਨਸ਼ੇ ਦੇ ਆਦੀਆਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨੌਕਰੀ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਹੁਣ ਤੱਕ 11,658 ਬੇਰੁਜ਼ਗਾਰ ਸੁਧਰ ਚੁੱਕੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ 2203 ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਪਣੇ ਹੁਨਰ ਵਿੱਚ ਨਿਖਾਰ ਲਿਆਉਣ ਦੀ ਸਿਖਲਾਈ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਮਿਸ਼ਨ ਤਹਿਤ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 430 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 90 ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ