ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਕਮੇਟੀਆਂ ਦਾ ਗਠਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Friday, Nov 13, 2026 - 04:24 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਵਿਸ਼ੇਸ਼ ਨਿਗਰਾਨਾਂ ਅਤੇ ਕਮੇਟੀਆਂ ਦਾ ਗਠਨ ਕੀਤਾ ਹੈ। ਕਮੇਟੀਆਂ ਵੱਲੋਂ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਨੂੰ ਸਕ੍ਰੀਨਿੰਗ ਮਗਰੋਂ ਸ਼ਾਰਟਲਿਸਟ ਕੀਤਾ ਜਾਵੇਗਾ।
ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ, ਪਟਿਆਲਾ ਜ਼ਿਲ੍ਹੇ ਵਿਚ ਰਾਣਾ ਕੰਵਰਪਾਲ, ਰਾਜ ਕੁਮਾਰ ਵੇਰਕਾ, ਕੁਲਜੀਤ ਸਿੰਘ ਨਾਗਰਾ ਅਤੇ ਨਜ਼ਰ ਸਿੰਘ ਮਾਨਸ਼ਾਹੀਆ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ ਧਰਮਵੀਰ ਗਾਂਧੀ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਦੁੱਗਲ ਅਤੇ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਸਥਾਈ ਸੱਦੇਦਾਰ ਐਲਾਨਿਆ ਗਿਆ ਹੈ।
ਇਸੇ ਤਰ੍ਹਾਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਨਗਰ ਕੌਂਸਲ ਲਈ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ, ਕਾਮਿਲ ਅਮਰ ਸਿੰਘ ਤੇ ਮਾਲਵਿਕਾ ਸੂਦ ਅਤੇ ਬਾਘਾਪੁਰਾਣਾ ਨਗਰ ਕੌਂਸਲ ਲਈ ਰਾਣਾ ਗੁਰਜੀਤ ਸਿੰਘ, ਪਵਨ ਗੋਇਲ, ਮਲਕੀਤ ਸਿੰਘ ਦਾਖਾ ਅਤੇ ਮਮਤਾ ਦੱਤਾ ਨਿਗਰਾਨ ਅਤੇ ਮੋਗਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਨੂੰ ਸਥਾਈ ਸੱਦੇਦਾਰ ਨਿਯੁਕਤ ਕੀਤਾ ਗਿਆ ਹੈ।

ਇਹ ਮੈਂਬਰ ਸਬੰਧਤ ਸੰਸਦ ਮੈਂਬਰਾਂ, ਵਿਧਾਨ ਸਭਾ ਹਲਕਾ ਉਮੀਦਵਾਰਾਂ, ਜ਼ਿਲ੍ਹਾ ਕਾਂਗਰਸ ਪ੍ਰਧਾਨਾਂ, ਬਲਾਕ ਪੱਧਰੀ ਆਗੂਆਂ ਅਤੇ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਨਾਲ ਤਾਲਮੇਲ ਕਰਕੇ ਚੋਣ ਤਿਆਰੀਆਂ ਦੀ ਸਮੀਖਿਆ ਕਰਨਗੇ। ਨਿਗਰਾਨਾਂ ਦੀ ਮੁੱਖ ਜ਼ਿੰਮੇਵਾਰੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਢੁਕਵੇਂ ਉਮੀਦਵਾਰਾਂ ਦੀ ਸ਼ਾਰਟਲਿਸਟਿੰਗ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਾ ਹੋਵੇਗੀ। ਨਿਯੁਕਤ ਖੇਤਰਾਂ ਦੇ ਦੌਰਿਆਂ ਦੌਰਾਨ ਨਿਗਰਾਨ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਫੀਡਬੈਕ ਵੀ ਇੱਕਠੀ ਕਰਨਗੇ। ਸਾਰੇ ਨਿਗਰਾਨ ਆਪਣੀ ਵਿਸਥਾਰਤ ਰਿਪੋਰਟ ਜਲਦ ਤੋਂ ਜਲਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਫ਼ਤਰ ਨੂੰ ਸੌਂਪਣਗੇ।
