ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਕਿਸਾਨਾਂ ਸਮੇਤ ਵਪਾਰੀਆਂ ਤੇ ਉੱਦਮੀਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ : ਰਾਜਾ ਵੜਿੰਗ
Thursday, Aug 07, 2025 - 08:18 PM (IST)

ਲੁਧਿਆਣਾ,(ਰਿੰਕੂ) : ਪੰਜਾਬ ਕਾਂਗਰਸ ਦੇ ਮੁਖੀ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ 'ਆਪ' ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਕਾਂਗਰਸ ਮੁਖੀ ਨੇ ਕਿਹਾ ਕਿ ਲੁਧਿਆਣਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਾਨ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਨਾਲ ਪੰਜਾਬ ਨੂੰ ਪੁਲਿਸ ਰਾਜ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ਼ਾਰੇ 'ਤੇ ਲੁਧਿਆਣਾ 'ਚ ਪੁਲਿਸ ਸਟੇਸ਼ਨ ਤੋਂ ਲੈ ਕੇ ਉੱਚ ਪੁਲਿਸ ਅਧਿਕਾਰੀ, ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਅਤੇ ਉੱਦਮੀਆਂ ਨੂੰ ਲੈਂਡ ਪੂਲਿੰਗ ਨੀਤੀ ਦੌਰਾਨ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਐਕੁਆਇਰ ਕਰਨ ਲਈ ਧਮਕੀਆਂ ਦੇ ਰਹੇ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ-ਨਾਲ ਸ਼ਹਿਰ ਦੇ ਵਪਾਰੀ ਵਰਗ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਬਰਦਾਸ਼ਤ ਨਹੀਂ ਕਰੇਗੀ। ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਸੂਬਾ ਸਰਕਾਰ ਦੀ ਇਸ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਹੀ ਹੈ।