ਕਾਂਗਰਸ ਨੇ ਖੰਨਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਕੀਤੀ ਪੈਦਲ ਯਾਤਰਾ
Thursday, Dec 25, 2025 - 05:01 PM (IST)
ਖੰਨਾ (ਵਿਪਨ): ਖੰਨਾ ਤੋਂ ਕਾਂਗਰਸ ਪਾਰਟੀ ਵੱਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਇਕ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਪੈਦਲ ਯਾਤਰਾ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਕਰ ਰਹੇ ਹਨ। ਜਾਣਕਾਰੀ ਮੁਤਾਬਕ ਲਖਵੀਰ ਸਿੰਘ ਲੱਖਾ ਸਾਲ 2020 ਤੋਂ ਲਗਾਤਾਰ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਪੈਦਲ ਯਾਤਰਾ ਕਰਦੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਨੇਤਾ ਅਤੇ ਵਰਕਰ ਵੀ ਸ਼ਾਮਲ ਰਹੇ। ਸਾਰੇ ਨੇਤਾ ਅਤੇ ਵਰਕਰ ਧਾਰਮਿਕ ਸ਼ਰਧਾ ਨਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਏ।
ਪੈਦਲ ਯਾਤਰਾ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਅਤੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਸਾਨੂੰ ਤਿਆਗ, ਬਲੀਦਾਨ ਅਤੇ ਸੱਚ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੈਦਲ ਯਾਤਰਾ ਕਿਸੇ ਰਾਜਨੀਤਿਕ ਪ੍ਰਦਰਸ਼ਨ ਲਈ ਨਹੀਂ, ਸਗੋਂ ਸ਼ਰਧਾ ਅਤੇ ਸੇਵਾ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ। ਸ਼ਹੀਦੀ ਸਭਾ ਦੇ ਮੌਕੇ ’ਤੇ ਸ਼ਰਧਾਲੂਆਂ ਦੀ ਵਧ ਰਹੀ ਭੀੜ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ ਹਨ।
