ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ''ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ

Thursday, May 21, 2026 - 10:51 AM (IST)

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ''ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ

ਜਲੰਧਰ (ਮ੍ਰਿਦੁਲ)- ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਈ. ਡੀ. ਦੇ ਜਲੰਧਰ ਖੇਤਰੀ ਦਫ਼ਤਰ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਸੂਤਰਾਂ ਅਨੁਸਾਰ ਕਿੱਕੀ ਢਿੱਲੋਂ ਕੋਲੋਂ ਅਗਲੇ ਹਫ਼ਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ ਇਹ ਕਾਰਵਾਈ ਸਾਲ 2023 ਵਿਚ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀ ਹੋਈ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਵੀ ਸਾਲ 2023 ਵਿਚ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਬਿਊਰੋ ਨੇ ਜੁਲਾਈ 2023 ਵਿਚ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖਿਲਾਫ 1158 ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿਚ ਦਾਖਲ ਕੀਤੀ ਸੀ। ਜਾਂਚ ਵਿਚ ਦਾਅਵਾ ਕੀਤਾ ਗਿਆ ਸੀ ਕਿ 1 ਅਪ੍ਰੈਲ 2017 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਕੁੱਲ ਆਮਦਨ ਲਗਭਗ 3.18 ਕਰੋੜ ਰੁਪਏ ਰਹੀ, ਜਦਕਿ ਖ਼ਰਚਾ ਕਰੀਬ 10.72 ਕਰੋੜ ਰੁਪਏ ਪਾਇਆ ਗਿਆ। ਯਾਨੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ’ਤੇ ਲਗਭਗ 7.52 ਕਰੋੜ ਰੁਪਏ ਵਾਧੂ ਖ਼ਰਚ ਕਰਨ ਦੇ ਦੋਸ਼ ਹਨ। ਜਾਂਚ ਏਜੰਸੀਆਂ ਅਨੁਸਾਰ ਇਸ ਮਿਆਦ ਦੌਰਾਨ ਕਰੀਬ 242 ਫੀਸਦੀ ਵੱਧ ਜਾਇਦਾਦ ਬਣਾਉਣ ਦੀ ਗੱਲ ਸਾਹਮਣੇ ਆਈ ਸੀ। ਕਈ ਬੇਨਾਮੀ ਜਾਇਦਾਦਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ।

ਹੁਣ ਈ. ਡੀ. ਇਸ ਪੂਰੇ ਮਾਮਲੇ ਦੀ ਜਾਂਚ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਕਰ ਸਕਦੀ ਹੈ। ਜੇਕਰ ਜਾਂਚ ਵਿਚ ਮਨੀ ਲਾਂਡਰਿੰਗ ਦੇ ਪੁਖ਼ਤਾ ਸਬੂਤ ਸਾਹਮਣੇ ਆਉਂਦੇ ਹਨ ਤਾਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀਆਂ ਜਾਇਦਾਦਾਂ ਦੀ ਕੁਰਕੀ ਵਰਗੀ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਹਾਲਾਂਕਿ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।


author

Anmol Tagra

Content Editor

Related News