ਪੰਜਾਬ ਕਾਂਗਰਸ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

Tuesday, Nov 10, 2026 - 08:54 PM (IST)

ਪੰਜਾਬ ਕਾਂਗਰਸ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਚੰਡੀਗੜ੍ਹ (ਅੰਕੁਰ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦੀ ਰਸਮੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਕਾਂਗਰਸ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰੇਗੀ ਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਉਮੀਦਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ। ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਹੋ ਚੁੱਕੀ ਹੈ। ਹੁਣ ਇਸ ਨੂੰ ਪੂਰੇ ਪੰਜਾਬ ’ਚ ਵੱਡੇ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ। ਆਈ.ਟੀ. ਸੈਕਟਰ, ਖੇਤੀਬਾੜੀ, ਵੱਖ-ਵੱਖ ਉਦਯੋਗਾਂ ਤੇ ਸਮਾਜ ਦੇ ਹੋਰ ਵਰਗਾਂ ਨਾਲ ਸਿੱਧਾ ਸੰਵਾਦ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਵੱਖ-ਵੱਖ ਪ੍ਰੋਗਰਾਮਾਂ ’ਚ ਸ਼ਾਮਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ। ਮਾਲਵਾ, ਮਾਝਾ ਤੇ ਦੁਆਬਾ ਖੇਤਰਾਂ ’ਚ ਵਿਸ਼ੇਸ਼ ਜਨ ਸੰਪਰਕ ਪ੍ਰੋਗਰਾਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵੀ ‘ਜਵਾਨੀ ਸੰਭਾਲ, ਜੱਟਾ’ ਸਾਈਕਲ ਰੈਲੀ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਜਾ ਕੇ ਲੋਕਾਂ ਨਾਲ ਸੰਵਾਦ ਕਰਨਗੇ। ਕਾਂਗਰਸ ਦੇ 5-6 ਸੀਨੀਅਰ ਆਗੂ ਵੱਖ-ਵੱਖ ਖੇਤਰਾਂ ’ਚ ਮੁਹਿੰਮ ਦੀ ਅਗਵਾਈ ਕਰਨਗੇ ਤੇ ਪਾਰਟੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਗੇ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ, ਵਿਗੜਦੀ ਕਾਨੂੰਨ ਵਿਵਸਥਾ ਤੇ ਪੁਲਸ ਸਟੇਟ ਵਰਗੇ ਹਾਲਾਤਾਂ ਨਾਲ ਜੂਝ ਰਿਹਾ ਹੈ। ਅਫ਼ਸਰਸ਼ਾਹੀ ਦੀ ਮਿਸਮੈਨੇਜਮੈਂਟ ਕਾਰਨ ਵੀ ਆਮ ਲੋਕਾਂ ਤੇ ਨੌਜਵਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ.ਸੀ.ਐੱਸ. ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਕੇ ਪ੍ਰੀਖਿਆ ਪ੍ਰਕਿਰਿਆ ’ਚ ਹੋਈਆਂ ਬੇਨਿਯਮੀਆਂ ਤੇ ਪ੍ਰਬੰਧਕੀ ਕਮੀਆਂ ਸਬੰਧੀ ਸਮੱਸਿਆਵਾਂ ਰੱਖੀਆਂ ਹਨ। ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ਨੂੰ ਇਕ ਵਿਆਪਕ ਮੁਹਿੰਮ ਤਹਿਤ ਉਠਾਏਗੀ ਤੇ ਸਰਕਾਰ ਨੂੰ ਜਵਾਬਦੇਹ ਬਣਾਏਗੀ।ਕਾਂਗਰਸ ਗਰੀਬਾਂ, ਨੌਜਵਾਨਾਂ ਤੇ ਆਮ ਲੋਕਾਂ ’ਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਮਝੇਗੀ ਤੇ ਉਨ੍ਹਾਂ ਨੂੰ ਸਿਆਸੀ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਏਗੀ।

ਕਾਂਗਰਸ ਦੇ ਚੋਣ ਮਨੋਰਥ ਪੱਤਰ ਬਾਰੇ ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਤੇ ਮੈਨੀਫੈਸਟੋ ਕਮੇਟੀ ਚੇਅਰਮੈਨ ਡਾ. ਅਮਰ ਸਿੰਘ ਨਾਲ ਮਿਲ ਕੇ ਵੱਖ-ਵੱਖ ਵਰਗਾਂ ਤੋਂ ਸੁਝਾਅ ਤੇ ਫੀਡਬੈਕ ਲੈ ਰਹੇ ਹਨ। ਇਸ ’ਚ ਵੱਖ-ਵੱਖ ਖੇਤਰਾਂ ਦੇ ਮਾਹਰਾਂ ਦੀ ਰਾਏ ਵੀ ਸ਼ਾਮਲ ਕੀਤੀ ਜਾਵੇਗੀ। ਲੋਕਾਂ ਤੇ ਮਾਹਰਾਂ ਤੋਂ ਮਿਲਣ ਵਾਲੇ ਸੁਝਾਵਾਂ ’ਚੋਂ ਜਨਹਿੱਤ ਨਾਲ ਜੁੜੇ ਬਿਹਤਰ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਦੇ ਭਵਿੱਖ ਤੇ ਖੁਸ਼ਹਾਲੀ ਲਈ ਵਿਹਾਰਕ ਤੇ ਲੋਕ-ਪੱਖੀ ਰੋਡਮੈਪ ਤਿਆਰ ਕੀਤਾ ਜਾ ਸਕੇ।

ਪੰਜਾਬ ਦੇ ਸਿਆਸੀ ਮਾਹੌਲ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸੂਬੇ ’ਚ ਸਦਭਾਵਨਾ ਤੇ ਸਕਾਰਾਤਮਕ ਰਾਜਨੀਤੀ ਦਾ ਸੰਦੇਸ਼ ਦੇਣਾ ਚਾਹੁੰਦੀ ਹੈ। ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਕਿਸੇ ਇਕ ਵਰਗ ਤੱਕ ਸੀਮਤ ਨਹੀਂ ਰਹੇਗੀ, ਸਗੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ, ਔਰਤਾਂ ਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬਣੇਗੀ।

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਰਵੇਖਣ ਕਰਵਾਏ ਜਾ ਰਹੇ ਹਨ ਤੇ ਵੱਖ-ਵੱਖ ਪੱਧਰਾਂ 'ਤੇ ਮੀਟਿੰਗਾਂ ਵੀ ਜਾਰੀ ਹਨ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਆਉਣ ਵਾਲੇ ਸਮੇਂ ’ਚ ਜਲਦ ਤੋਂ ਜਲਦ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਸਕੇ। ਇਸ ਮੌਕੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਤੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ।
 


author

Anmol Tagra

Content Editor

Related News