ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ ਤਸਵੀਰਾਂ ਨੇ ਛੇੜੀ ਨਵੀਂ ਚਰਚਾ
Wednesday, Jul 08, 2026 - 02:34 PM (IST)
ਚੰਡੀਗੜ੍ਹ (ਅੰਕੁਰ): ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਦਰਮਿਆਨ ਇੱਕ ਪਾਸੇ ਪ੍ਰਧਾਨ ਰਾਜਾ ਵੜਿੰਗ ਦੇ ਹੱਕ ਵਿੱਚ ਤਾਕਤ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਵਿਰੋਧ ਦੀਆਂ ਆਵਾਜ਼ਾਂ ਵੀ ਲਗਾਤਾਰ ਉੱਠ ਰਹੀਆਂ ਹਨ। ਭੂਪੇਸ਼ ਬਘੇਲ ਵੱਲੋਂ ਰਾਜਾ ਵੜਿੰਗ ਦੀ ਅਗਵਾਈ 'ਤੇ ਭਰੋਸਾ ਜਤਾਉਣ ਤੋਂ ਬਾਅਦ ਹੁਣ ਵੜਿੰਗ ਸਮਰਥਕ ਆਗੂਆਂ ਦੀਆਂ ਸਾਂਝੀਆਂ ਤਸਵੀਰਾਂ ਵੀ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ।

ਸਾਹਮਣੇ ਆਈਆਂ ਤਸਵੀਰਾਂ ਵਿੱਚ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਡਿਨਰ ਦੌਰਾਨ ਇਕੱਠੇ ਨਜ਼ਰ ਆ ਰਹੇ ਹਨ। ਇੱਕ ਹੋਰ ਤਸਵੀਰ ਵਿੱਚ ਰਾਣਾ ਕੇ.ਪੀ. ਸਿੰਘ, ਭੂਪੇਸ਼ ਬਘੇਲ ਅਤੇ ਸਾਬਕਾ ਵਿਧਾਇਕ ਸੁਰਿੰਦਰ ਡਾਵਰ ਵੀ ਇਕੱਠੇ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਰਾਜਾ ਵੜਿੰਗ ਦੇ ਹੱਕ ਵਿੱਚ ਆਗੂਆਂ ਦੀ ਇੱਕਜੁੱਟਤਾ ਅਤੇ ਤਾਕਤ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਭੂਪੇਸ਼ ਬਘੇਲ ਨੇ ਵੀ ਸਪੱਸ਼ਟ ਕੀਤਾ ਸੀ ਕਿ ਪੰਜਾਬ ਦੇ 23 ਜ਼ਿਲ੍ਹਾ ਪ੍ਰਧਾਨ ਰਾਜਾ ਵੜਿੰਗ ਦੇ ਨਾਮ 'ਤੇ ਆਪਣੀ ਸਹਿਮਤੀ ਦੇ ਚੁੱਕੇ ਹਨ ਅਤੇ ਪ੍ਰਧਾਨ ਬਦਲਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਇਸ ਤੋਂ ਬਾਅਦ ਵੜਿੰਗ ਸਮਰਥਕ ਧੜੇ ਵੱਲੋਂ ਲਗਾਤਾਰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਰਟੀ ਦਾ ਵੱਡਾ ਹਿੱਸਾ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਹਾਲਾਂਕਿ, ਦੂਜੇ ਪਾਸੇ ਪੰਜਾਬ ਕਾਂਗਰਸ ਵਿੱਚ ਵਿਰੋਧ ਵੀ ਜਾਰੀ ਹੈ। ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪਰਿਵਾਰ ਨੇ ਰਾਜਾ ਵੜਿੰਗ ਦੀ ਪ੍ਰਧਾਨਗੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਾਬਕਾ ਵਿਧਾਇਕ ਅਤੇ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਨੇ ਕਿਹਾ ਕਿ ਉਹ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੇ। ਕਰਨ ਕੌਰ ਬਰਾੜ ਨੇ ਦੋਸ਼ ਲਗਾਇਆ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧਿਆ ਹੈ। ਉਨ੍ਹਾਂ ਕਿਹਾ ਕਿ ਜੇ ਉਹ ਰਾਜਾ ਵੜਿੰਗ ਦੀ ਥਾਂ ਹੁੰਦੇ ਤਾਂ ਪਾਰਟੀ ਦੇ ਹਿੱਤ ਨੂੰ ਪਹਿਲ ਦਿੰਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੰਦੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਲਈ ਨਿੱਜੀ ਅਹੁਦੇ ਦੀ ਕੁਰਬਾਨੀ ਦੇਣੀ ਪੈਂਦੀ ਹੈ।
ਇਕ ਪਾਸੇ ਰਾਜਾ ਵੜਿੰਗ ਦੇ ਸਮਰਥਕ ਆਗੂਆਂ ਵੱਲੋਂ ਇੱਕਜੁੱਟਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਸੀਨੀਅਰ ਆਗੂਆਂ ਅਤੇ ਕੁਝ ਧੜਿਆਂ ਵੱਲੋਂ ਉਨ੍ਹਾਂ ਦੀ ਅਗਵਾਈ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਕਾਂਗਰਸ ਦਾ ਅੰਦਰੂਨੀ ਵਿਵਾਦ ਅਜੇ ਵੀ ਠੰਢਾ ਹੁੰਦਾ ਨਜ਼ਰ ਨਹੀਂ ਆ ਰਿਹਾ।
