ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

Friday, Sep 25, 2026 - 06:15 PM (IST)

ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ

ਚੰਡੀਗੜ੍ਹ (ਵੈੱਬ ਡੈਸਕ)- ਚੰਡੀਗੜ੍ਹ ਦੇ ਸੈਕਟਰ-17 'ਚ ਪੰਜਾਬ ਕਾਂਗਰਸ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੈਕਟਰ-17 ਸਥਿਤ ਆਰ. ਬੀ. ਆਈ. ਦਫ਼ਤਰ ਨੇੜੇ ਗਰਾਊਂਡ 'ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ।  ਪ੍ਰਦਰਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਵੀ ਪਹੁੰਚਣ ਦੀ ਉਮੀਦ ਸੀ ਪਰ ਉਹ ਇਸ ਰੋਸ ਪ੍ਰਦਰਸ਼ਨ ਵੀ ਸ਼ਾਮਲ ਨਹੀਂ ਹੋਏ। ਇਸ ਦੇ ਇਲਾਵਾ ਨਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਲ ਹੋਏ। ਇਹ ਮਾਰਚ ਆਰ. ਬੀ. ਆਈ. ਦਫ਼ਤਰ ਤੋਂ ਸ਼ੁਰੂ ਹੋ ਕੇ ਕਮਿਸ਼ਨ ਦਫ਼ਤਰ ਤੱਕ ਪਹੁੰਚਿਆ। ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਸਮੇਤ ਕਈ ਆਗੂ ਸ਼ਾਮਲ ਰਹੇ।  

ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼

PunjabKesari

ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਡਿਟੇਨ 
ਇਸ ਦੌਰਾਨ ਚੋਣ ਕਮਿਸ਼ਨ ਦਫ਼ਤਰ ਵੱਲ ਘਿਰਾਓ ਕਰਨ ਜਾਂਦੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰਾਂ ਨੂੰ ਡਿਟੇਨ ਕੀਤਾ ਗਿਆ। ਕਾਂਗਰਸੀ ਵਰਕਰ ਅਤੇ ਪੁਲਸ ਵਿਚਾਲੇ ਧੱਕੇਮੁੱਕੀ ਵੀ ਹੋਈ। ਦਫ਼ਤਰ ਦਾ ਘਿਰਾਓ ਕਰਨ ਜਾਂਦੇ ਕਾਂਗਰਸੀ ਵਰਕਰਾਂ ਦਾ ਪੁਲਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਰੋਕਿਆ, ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ ਨਾਲ ਧੱਕਾਮੁੱਕੀ ਹੋਈ। ਡਿਟੇਨ ਦਾ ਵਿਰੋਧ ਕਰਦੇ ਹੋਏ ਰਾਜਾ ਵੜਿੰਗ ਬੱਸ ਦੀ ਛੱਤ 'ਤੇ ਚੜ੍ਹੇ ਅਤੇ ਨਾਅਰੇਬਾਜ਼ੀ ਕੀਤੀ। ਇਸ ਦੇ ਬਾਅਦ ਰਾਜਾ ਵੜਿੰਗ ਨੂੰ ਬੱਸ ਤੋਂ ਹੇਠਾਂ ਉਤਰਣ ਮਗਰੋਂ ਪੁਲਸ ਵੱਲੋਂ ਡਿਟੇਨ ਕਰਕੇ ਚੰਡੀਗੜ੍ਹ ਸੈਕਟਰ-17 ਥਾਣੇ ਵਿਚ ਲਿਜਾਇਆ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਪਾਣੀ ਦੀਆਂ ਬੁਛਾਰਾਂ ਪਾਈਆਂ ਗਈਆਂ। 

PunjabKesari

ਵਿਧਾਨ ਸਭਾ ਤੱਕ ਰੋਕੀ ਜਾਵੇ SIR ਦੀ ਕਾਰਵਾਈ 
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਤਦਾਨ ਸੂਚੀਆਂ ਦੇ ਐੱਸ. ਆਈ. ਆਰ, ਨੂੰ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਲਈ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ 'ਤੇ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਕਿਸੇ ਵੀ ਵੋਟਰ ਦਾ ਨਾਮ ਨਹੀਂ ਮਿਟਾਇਆ ਜਾਣਾ ਚਾਹੀਦਾ। ਵੜਿੰਗ ਦੇ ਅਨੁਸਾਰ, ਨਵੇਂ ਫਾਰਮ-6 ਦੀਆਂ ਗੁੰਝਲਾਂ ਕਾਰਨ, ਬਹੁਤ ਸਾਰੇ ਯੋਗ ਪਹਿਲੀ ਵਾਰ ਵੋਟਰ ਆਪਣੇ ਨਾਮ ਦਰਜ ਕਰਵਾਉਣ ਤੋਂ ਅਸਮਰੱਥ ਹਨ। ਵੜਿੰਗ ਨੇ ਦਾਅਵਾ ਕੀਤਾ ਕਿ SIR ਦੇ ਮੌਜੂਦਾ ਢੰਗ ਨਾਲ ਲੱਖਾਂ ਵੋਟਰਾਂ ਦੇ ਨਾਮ ਕੱਟੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵੋਟਰਾਂ ਦੇ ਨਾਮ ਹਟਾਉਣ ਨਾਲ ਚੋਣਾਂ ਦੀ ਨਿਰਪੱਖਤਾ 'ਤੇ ਸਵਾਲ ਖੜ੍ਹੇ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਐੱਸ. ਆਈ. ਆਰ. ਨੂੰ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੱਕ ਰੋਕਿਆ ਜਾਵੇ ਅਤੇ ਚੋਣਾਂ ਤੋਂ ਬਾਅਦ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ।
ਪੰਜਾਬ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਨ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕਰਵਾਇਆ ਹੈ। ਪਾਰਟੀ ਦਾ ਦੋਸ਼ ਹੈ ਕਿ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਲਗਾਤਾਰ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕਿਆ। ਆਗੂਆਂ ਨੇ ਲੋਕਤੰਤਰੀ ਸੰਸਥਾਵਾਂ ਦੀ ਪਾਰਦਰਸ਼ਤਾ, ਵੋਟਰਾਂ ਦੇ ਅਧਿਕਾਰਾਂ ਅਤੇ ਚੋਣ ਪ੍ਰਕਿਰਿਆ 'ਚ ਜਵਾਬਦੇਹੀ ਦੀ ਮੰਗ ਕੀਤੀ। ਦੀਪਕ ਲੁਬਾਣਾ ਨੇ ਕਿਹਾ ਕਿ ਲੰਘੇ ਦਿਨ ਮੀਡੀਆ 'ਚ ਨਸ਼ਰ ਹੋਈ ਰਿਪੋਰਟ 'ਚ ਸਾਹਮਣੇ ਆਇਆ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ 'ਚ ਘੱਟੋ-ਘੱਟ 14 ਵਾਰ ਚੋਣ ਕਮਿਸ਼ਨ ਦੇ ਕੁਝ ਫ਼ੈਸਲਿਆਂ ’ਤੇ ਇਤਰਾਜ਼ ਦਰਜ ਕਰਵਾਏ ਸਨ। ਰਿਪੋਰਟ 'ਚ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਵੋਟਰ ਸੂਚੀਆਂ 'ਚੋਂ ਨਾਂ ਸ਼ਾਮਲ ਕਰਨ ਜਾਂ ਕੱਟਣ ਅਤੇ ਚੋਣ ਡਾਟਾ ਤੇ ਸਾਫ਼ਟਵੇਅਰ ਨਾਲ ਜੁੜੇ ਮੁੱਦਿਆਂ ’ਤੇ ਦੋਵਾਂ ਚੋਣ ਕਮਿਸ਼ਨਰਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ ਪਰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੇ ਸਾਰੇ ਇਤਰਾਜ਼ ਨੂੰ ਨਜ਼ਰਅੰਦਾਜ਼ ਕੀਤਾ ਗਿਆ।

PunjabKesari

ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਵੋਟ ਕਿਸੇ ਸਿਆਸੀ ਪਾਰਟੀ ਦੀ ਜਾਇਦਾਦ ਨਹੀਂ, ਸਗੋਂ ਦੇਸ਼ ਦੇ ਹਰ ਇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਵੋਟਰ ਸੂਚੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸਵਾਲ ਦਾ ਜਵਾਬ ਪਾਰਦਰਸ਼ੀ ਢੰਗ ਨਾਲ ਜਨਤਾ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਕਮਿਸ਼ਨ 'ਚ ਦਰਜ ਇਤਰਾਜ਼ਾਂ, ਵੋਟਰ ਸੂਚੀ 'ਚ ਬਦਲਾਅ ਨਾਲ ਜੁੜੇ ਫ਼ੈਸਲਿਆਂ ਅਤੇ ਚੋਣ ਡਾਟਾ ਦੀ ਸੁਰੱਖਿਆ ਨਾਲ ਸਬੰਧਤ ਉਠਾਏ ਗਏ ਸਵਾਲਾਂ ’ਤੇ ਸਪੱਸ਼ਟ ਜਾਣਕਾਰੀ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਹਟਾ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਖਦੇਵ ਸਿੰਘ, ਅਤਿੰਦਰ ਰੌਬੀ, ਸਚਿਨ ਗਾਲਵ, ਆਸ਼ੂ ਵੈਦ, ਹਰਸਿਮਰਨ, ਸਾਹਿਲ, ਸ਼ੁਭਮ, ਦੀਪਕ ਜੈਸਵਾਲ, ਧੀਰਜ ਗੁਪਤਾ, ਰਵੀ ਰਾਣਾ, ਪ੍ਰਕੁਲ, ਵਿਕਾਸ ਖੰਨਾ, ਰੋਹਨ ਅਤੇ ਹੋਰ ਵੱਡੀ ਗਿਣਤੀ ਯੂਥ ਕਾਂਗਰਸ ਦੇ ਕਾਰਕੁਨ ਮੌਜੂਦ ਸਨ।

PunjabKesari

ਇਥੇ ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ 'ਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਦੇ ਵਿਚਕਾਰ 15 ਸਤੰਬਰ ਨੂੰ ਚੰਡੀਗੜ੍ਹ ਇਕ ਵੱਡੀ ਸਿਆਸੀ ਤਸਵੀਰ ਸਾਹਮਣੇ ਆਈ ਸੀ। ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੀ ਚੰਡੀਗੜ੍ਹ ਫੇਰੀ ਦੌਰਾਨ ਪਾਰਟੀ ਦੇ ਵਿਰੋਧੀ ਧੜਿਆਂ ਦੇ ਦਿੱਗਜ ਆਗੂ ਇਕੋ ਮੰਚ 'ਤੇ ਇਕੱਠੇ ਨਜ਼ਰ ਆਏ।

PunjabKesari

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News