ਪੰਜਾਬ ਦੇ ਡਿਪੂ ਹੋਲਡਰਾਂ ਨੇ ਦੇ ਦਿੱਤੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ
Thursday, Sep 07, 2023 - 04:09 PM (IST)

ਲੁਧਿਆਣਾ (ਵੈੱਬ ਡੈਸਕ, ਖੁਰਾਣਾ) : ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਡਿਪੂ ਹੋਲਡਰ ਐਸੋਸੀਏਸ਼ਨ ਦੇ ਅਹੁਦਾ ਅਧਿਕਾਰੀਆਂ ਵੱਲੋਂ ਅਗਲੀ 15 ਸਤੰਬਰ ਨੂੰ ਚੰਡੀਗੜ੍ਹ 'ਚ ਧਰਨਾ ਪ੍ਰਦਰਸ਼ਨ ਕਰਨ ਸਬੰਧੀ ਐਲਾਨ ਕੀਤਾ ਗਿਆ ਹੈl ਸੂਤਰਾਂ ਦੇ ਮੁਤਾਬਕ ਜ਼ਿਆਦਾਤਰ ਡਿਪੂ ਹੋਲਡਰਾਂ ਦੀ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਤਹਿਤ ਵੰਡੀ ਗਈ ਕਣਕ ਦੀ ਕਮਿਸ਼ਨ ਰਾਸ਼ੀ ਬਕਾਇਆ ਖੜ੍ਹੀ ਹੋਈ ਹੈ। ਉੱਥੇ ਹੀ ਡਿਪੂ ਹੋਲਡਰਾਂ ਦੀ ਮੰਗ ਹੈ ਕਿ ਦੇਸ਼ ਦੇ ਹੋਰ ਸੂਬਿਆਂ 'ਚ ਡਿਪੂ ਹੋਲਡਰਾਂ ਨੂੰ ਮਿਲਣ ਵਾਲੀ ਤਨਖ਼ਾਹ ਦੀ ਤਰ੍ਹਾਂ ਹੀ ਪੰਜਾਬ ਭਰ ਦੇ ਡਿਪੂ ਹੋਲਡਰਾਂ ਨੂੰ ਵੀ ਤਨਖ਼ਾਹ ਦਿੱਤੀ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਰਾਸ਼ਨ ਡਿਪੂ ਚਲਾ ਸਕਣ।
ਜ਼ਿਕਰਯੋਗ ਹੈ ਕਿ ਡਿਪੂ ਹੋਲਡਰਾਂ ਵੱਲੋਂ ਉਕਤ ਮੁੱਦੇ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਦੇਣ ਸਣੇ ਦਿੱਲੀ ਦੇ ਜੰਤਰ-ਮੰਤਰ ਮੈਦਾਨ ਅਤੇ ਚੰਡੀਗੜ੍ਹ 'ਚ ਧਰਨੇ ਦਿੱਤੇ ਗਏ ਪਰ ਫਿਲਹਾਲ ਇਸ ਮਾਮਲੇ 'ਚ ਡਿਪੂ ਹੋਲਡਰਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਮਿਲੀ ਹੈl ਪ੍ਰਾਪਤ ਤਾਜ਼ਾ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਨਾਲ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਕਣਕ ਦੀ ਜਗ੍ਹਾ ਆਟਾ ਦੇਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਮਾਰਕਫੈੱਡ ਏਜੰਸੀ ਵੱਲੋਂ ਚਾਹਵਾਨ ਲਾਭਪਾਤਰ ਪਰਿਵਾਰਾਂ ਨੂੰ ਆਟੇ ਦੀਆਂ ਥੈਲੀਆਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਲੋਕ ਸਭਾ ਸੀਟ 'ਤੇ ਗੜਬੜਾ ਸਕਦੈ BJP ਦਾ ਗਣਿਤ, ਸਿਆਸੀ ਹਲਕੇ ਹੈਰਾਨ
ਇਸ ਦਾ ਸਾਰੀਆਂ ਐਸੋਸੀਏਸ਼ਨਾਂ ਨਾਲ ਜੁੜੇ ਡਿਪੂ ਹੋਲਡਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।ਇਸ ਮੁੱਦੇ ਸਬੰਧੀ ਗੱਲਬਾਤ ਕਰਨ 'ਤੇ ਸਾਰੀਆਂ ਡਿਪੂ ਹੋਲਡਰ ਐਸੋਸੀਏਸ਼ਨਾਂ ਦੇ ਅਹੁਦਾ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਅਸਲ 'ਚ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਵਲੋਂ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਕਣਕ ਜਾਰੀ ਕੀਤੀ ਜਾ ਰਹੀ ਹੈ। ਇਸ 'ਚ ਪੰਜਾਬ ਸਰਕਾਰ ਦਾ ਕੋਈ ਵੀ ਸਹਿਯੋਗ ਨਹੀਂ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਨਿਯਮਾਂ ਅਤੇ ਸ਼ਰਤਾਂ ਦੇ ਮੁਤਾਬਕ ਪੰਜਾਬ ਸਰਕਾਰ, ਕੇਂਦਰ ਸਰਕਾਰ ਦੀ ਉਕਤ ਯੋਜਨਾ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰ ਪਰਿਵਾਰਾਂ ਨੂੰ ਕਣਕ ਦੀ ਥਾਂ ਆਟਾ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8