ਪੰਜਾਬ ਦੇ DGP ਗੌਰਵ ਯਾਦਵ ਬੋਲੇ, ਕਿਹਾ-ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹਰ ਹਾਲ ’ਚ ਬਣਾ ਕੇ ਰੱਖਾਂਗੇ
Thursday, Aug 11, 2022 - 01:23 PM (IST)
ਜਲੰਧਰ (ਧਵਨ)- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ’ਚ ਪੰਜਾਬ ਪੁਲਸ ਵੱਲੋਂ ਗੈਂਗਸਟਰ ਕਲਚਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹਰ ਹਾਲ ’ਚ ਬਰਕਰਾਰ ਰੱਖਿਆ ਜਾਵੇਗਾ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਰਹੱਦੀ ਫਿਰੋਜ਼ਪੁਰ ਰੇਂਜ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ’ਚ ਸਰਹੱਦੀ ਖੇਤਰਾਂ ’ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।
ਮੀਟਿੰਗ ’ਚ ਆਈ. ਜੀ. ਜਸਕਰਨ ਸਿੰਘ ਸਮੇਤ ਕਈ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੇ ਵੀ ਹਿੱਸਾ ਲਿਆ। ਸੁਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡੀ. ਜੀ. ਪੀ. ਖ਼ੁਦ ਸਰਹੱਦੀ ਇਲਾਕਿਆਂ ’ਚ ਪਹੁੰਚੇ ਸਨ। ਡੀ. ਜੀ. ਪੀ. ਵੱਲੋਂ ਪੁਲਸ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ ਉਨ੍ਹਾਂ ਹਦਾਇਤ ਕੀਤੀ ਗਈ ਕਿ ਜਿੱਥੇ ਇਕ ਪਾਸੇ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਰੱਖਣ, ਉੱਥੇ ਹੀ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਪੁਲਸ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ’ਚ ਕਿਸੇ ਵੀ ਗੈਂਗਸਟਰ ਨੂੰ ਸਿਰ ਚੁੱਕਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰ ਕਲਚਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ ਅਤੇ ਜਿਸ ਦੇ ਮੱਦੇਨਜ਼ਰ ਪੰਜਾਬ ਪੁਲਸ ਨੂੰ ਪਿਛਲੇ ਸਮੇਂ ਦੌਰਾਨ ਗੈਂਗਸਟਰਾਂ ਖ਼ਿਲਾਫ਼ ਚੰਗੀਆਂ ਸਫ਼ਲਤਾਵਾਂ ਮਿਲੀਆਂ ਹਨ।
ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਮਿੱਲਾਂ ਦੀ ਪ੍ਰਾਪਰਟੀ ਵੇਚ ਕੇ ਜਲਦ ਕਰਾਂਗੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ’ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ, ਜਿਸ ਨੂੰ ਲਾਗੂ ਕਰ ਦਿੱਤਾ ਗਿਆ ਹੈ। ਪਿਛਲੇ ਸਮੇਂ ਦੌਰਾਨ ਨਸ਼ਾ ਸਮਗਲਰਾਂ ਦੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਿਛਲੇ ਸਮੇਂ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਸ਼ਾ ਤਸਕਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਧਿਆਨ ’ਚ ਰੱਖਦਿਆਂ ਪੁਲਸ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ’ਚ ਸੁਰੱਖਿਆ ਦੇ ਪ੍ਰਬੰਧ ਵੱਧ ਤੋਂ ਵੱਧ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਵੱਧ ਤੋਂ ਵੱਧ ਪੁਲਸ ਨਾਕੇ ਵੀ ਲਾਏ ਜਾਣਗੇ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਪੰਜਾਬ ਪੁਲਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ, ਇੰਝ ਹੋਵੇਗੀ ਪ੍ਰੀਖਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ