ਪੰਜਾਬ DGP ਦੀ ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਸਖ਼ਤੀ, ਸ਼ੁਰੂ ਹੋਵੇਗੀ 90 ਦਿਨਾਂ ਦੀ ਮੁਹਿੰਮ

Monday, Nov 21, 2022 - 11:05 AM (IST)

ਜਲੰਧਰ (ਧਵਨ)-ਪੰਜਾਬ ਪੁਲਸ ਨੇ ਸੂਬੇ ’ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਅਗਲੇ 90 ਦਿਨਾਂ ’ਚ ਇਕ ਵਿਸ਼ਾਲ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਭਾਈਚਾਰੇ ਖ਼ਿਲਾਫ਼ ਕੋਈ ਵਿਅਕਤੀ ਭੜਕਾਊ ਭਾਸ਼ਣ ਦਿੰਦਾ ਹੈ ਤਾਂ ਉਸ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਭੜਕਾਊ ਭਾਸ਼ਣਾਂ ਨਾਲ ਸੂਬੇ ’ਚ ਭਾਈਚਾਰਿਆਂ ਦਰਮਿਆਨ ਆਪਸੀ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਇਸੈਂਸੀ ਹਥਿਆਰਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਡੀ. ਜੀ. ਪੀ. ਨੇ ਦੱਸਿਆ ਕਿ ਹਥਿਆਰਾਂ ਦੇ ਲਾਇਸੈਂਸ ਲੈਣ ਵਾਲੇ ਵਿਅਕਤੀਆਂ ਦੇ ਰਿਹਾਇਸ਼ੀ ਪਤੇ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ ਵੇਖਿਆ ਜਾਵੇਗਾ ਕਿ ਸਬੰਧਤ ਵਿਅਕਤੀ ਨੂੰ ਅਸਲ ’ਚ ਖ਼ਤਰਾ ਹੈ ਜਾਂ ਨਹੀਂ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਹਥਿਆਰਾਂ ਦਾ ਲਾਇਸੈਂਸ ਲੈਣ ਵਾਲੇ ਵਿਅਕਤੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਡੀ. ਜੀ. ਪੀ. ਨੇ ਐਲਾਨ ਕੀਤਾ ਕਿ ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਬਣਾਏ ਗਏ ਹਥਿਆਰਾਂ ਦੇ ਲਾਇਸੈਂਸਾਂ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰਜ਼ੀ ਰਿਹਾਇਸ਼ੀ ਪਤਿਆਂ ’ਤੇ ਜੇਕਰ ਹਥਿਆਰਾਂ ਦੇ ਲਾਇਸੈਂਸ ਪਿਛਲੇ ਸਮੇਂ ’ਚ ਜਾਰੀ ਕੀਤੇ ਹੋਏ ਹਨ ਤਾਂ ਉਸ ਦੀ ਵੀ ਜਾਂਚ ਹੋਵੇਗੀ।

ਇਹ ਵੀ ਪੜ੍ਹੋ : ਵਿਸ਼ਵ ਪ੍ਰਵਾਸੀਆਂ ’ਚ ਭਾਰਤੀਆਂ ਦੀ ਗਿਣਤੀ ਵਧੀ, ਪਿਛਲੇ 3 ਸਾਲਾਂ 'ਚ 13 ਲੱਖ ਲੋਕਾਂ ਨੇ ਰੁਜ਼ਗਾਰ ਲਈ ਛੱਡਿਆ ਦੇਸ਼

ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਲਗਾ ਚੁੱਕੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਬੰਦੂਕ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਾਂ ਹੋਰ ਜਨਤਕ ਥਾਵਾਂ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਸਮਾਜ ’ਚ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਜਿਹਾ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੌਰਵ ਯਾਦਵ ਨੇ ਦੱਸਿਆ ਕਿ ਇਸੇ ਤਰ੍ਹਾਂ ਪੰਜਾਬ ਪੁਲਸ ਨੇ ਵੀ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਸੋਸ਼ਲ ਮੀਡੀਆ ਜਾਂ ਗੀਤਾਂ ’ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼ਾਂਤੀ ਬਣਾਈ ਰੱਖਣ ਦੇ ਉਦੇਸ਼ ਨਾਲ 90 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਉਨ੍ਹਾਂ ਵਿਸ਼ੇਸ਼ ਮੁਹਿੰਮ ਨੂੰ ਸ਼ੁਰੂ ਕਰਨ ਦੇ ਸਬੰਧ ’ਚ ਸਾਰੇ ਜ਼ਿਲਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ : ਜਲੰਧਰ ’ਚ ਮਿਲ ਰਹੀ ਸਹੂਲਤ: 10 ਰੁਪਏ ਦਾ ਉਬਲਿਆ ਆਂਡਾ ਖਾਓ, ਸੜਕ ’ਤੇ ਬੈਠ ਕੇ ਹੀ ਲਾਓ ਜਿੰਨੇ ਮਰਜ਼ੀ ਪੈੱਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


shivani attri

Content Editor

Related News