ਨਸ਼ੇ ਦੇ ਖ਼ਾਤਮੇ ਨੂੰ ਲੈ ਕੇ ਪੰਜਾਬ DGP ਸਖ਼ਤ, ਨਵੇਂ ਹੁਕਮ ਜਾਰੀ, ਅਧਿਕਾਰੀਆਂ ''ਤੇ ਵੀ ਡਿੱਗ ਸਕਦੀ ਹੈ ਗਾਜ
Wednesday, Apr 30, 2025 - 11:32 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜ਼ਿਲ੍ਹਾ ਪੁਲਸ ਮੁਖੀਆਂ ਨੂੰ 31 ਮਈ ਤਕ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਉਪਲੱਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦੇ ਕਿਹਾ ਕਿ ਅਜਿਹਾ ਕਰਨ ’ਚ ਅਸਫ਼ਲ ਰਹਿਣ ’ਤੇ ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ.) ਪੱਧਰ ਤਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, 355 ਪੁਲਸ ਮੁਲਾਜ਼ਮਾਂ ਦੇ ਤਬਾਦਲੇ
ਡੀ. ਜੀ. ਪੀ. ਵੱਲੋਂ ਮੰਗਲਵਾਰ ਨੂੰ ਸਪੈਸ਼ਲ ਡੀ. ਜੀ. ਪੀ. ਅੰਦਰੂਨੀ ਸੁਰੱਖਿਆ ਆਰ. ਐੱਨ. ਢੋਕੇ, ਏ. ਡੀ. ਜੀ. ਪੀ. ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ਼.) ਨੀਲਾਭ ਕਿਸ਼ੋਰ ਅਤੇ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਸ/ਡਿਪਟੀ ਇੰਸਪੈਕਟਰ ਜਨਰਲ (ਆਈ. ਜੀ. ਪੀਜ਼/ਡੀ. ਆਈ. ਜੀਜ਼) ਅਤੇ ਕਮਿਸ਼ਨਰ ਆਫ਼ ਪੁਲਸ/ਸੀਨੀਅਰ ਸੁਪਰਡੈਂਟ ਆਫ਼ ਪੁਲਸ (ਸੀ. ਪੀਜ਼/ਐੱਸ. ਐੱਸ. ਪੀਜ਼) ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੌਜੂਦਾ ਕਾਰਜ ਯੋਜਨਾ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ, ਜਿਨ੍ਹਾਂ ’ਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀ.ਪੀਜ਼/ਐੱਸ. ਐੱਸ. ਪੀਜ਼, ਡੀ. ਐੱਸ. ਪੀਜ਼ ਅਤੇ ਐੱਸ. ਐੱਚ. ਓਜ਼ ਸਮੇਤ ਹਰੇਕ ਅਧਿਕਾਰੀ ਨੂੰ ਆਪੋ-ਆਪਣੇ ਖੇਤਰਾਂ ’ਚ ਜ਼ਮੀਨੀ ਪੱਧਰ ’ਤੇ ਨਸ਼ਿਆਂ ਦਾ ਸਫ਼ਾਇਆ ਕਰਨ ’ਚ ਅਸਫ਼ਲ ਰਹਿਣ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਸਾਰੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਪੇਸ਼ੇਵਰ ਮਾਪਦੰਡਾਂ, ਇੰਟੈਲੀਜੈਂਸ ਅਤੇ ਜਨਤਾ ਤੋਂ ਲਈ ਫੀਡਬੈਕ ਦੀ ਮਦਦ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਵੇਖਣ ਤੋਂ ਬਾਅਦ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ, ਜਦਕਿ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ 'ਤੇ ਵੱਡਾ ਐਕਸ਼ਨ, ਖੜ੍ਹੀ ਹੋਈ ਨਵੀਂ ਮੁਸੀਬਤ!
ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਪੁਲਸ ਦਾ ਧਿਆਨ ਅੰਕੜਾ-ਆਧਾਰਿਤ ਟੀਚਿਆਂ ’ਤੇ ਨਹੀਂ, ਸਗੋਂ ਸੂਬੇ ਭਰ ’ਚ ਨਸ਼ਿਆਂ ਦੀ ਜ਼ੀਰੋ ਉਪਲੱਬਧਤਾ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨ ’ਤੇ ਹੈ। ਸੀ. ਪੀਜ਼ /ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ’ਤੇ ਲੈ ਕੇ ਆਉਣ।
ਜ਼ਿਕਰਯੋਗ ਹੈ ਕਿ 3 ਘੰਟੇ ਚੱਲੀ ਇਹ ਮੀਟਿੰਗ ਦੋ ਹਿੱਸਿਆਂ ’ਚ ਹੋਈ। ਪਹਿਲੇ ਹਿੱਸੇ ’ਚ ਜ਼ਿਲ੍ਹੇਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ, ਜਿਸ ’ਚ ਦਰਜ ਕੀਤੀਆਂ ਗਈਆਂ ਐੱਫ਼. ਆਈ. ਆਰਜ਼ ਦੀ ਗਿਣਤੀ, ਪ੍ਰਾਪਤੀਆਂ ਅਤੇ ਕਮੀਆਂ ਬਾਰੇ ਸਬੰਧਤ ਰੇਂਜ ਆਈ. ਜੀ. ਪੀਜ਼/ਡੀ. ਆਈ. ਜੀਜ਼ ਅਤੇ ਸੀ. ਪੀਜ਼/ਐੱਸ. ਐੱਸ. ਪੀਜ਼ ਨਾਲ ਚਰਚਾ ਕੀਤੀ ਗਈ, ਜਦੋਂ ਕਿ ਦੂਜੇ ਹਿੱਸੇ ’ਚ ਫੀਲਡ ਅਧਿਕਾਰੀਆਂ ਨੂੰ 31 ਮਈ ਤਕ ਆਪਣੇ-ਆਪਣੇ ਜ਼ਿਲਿਆਂ ’ਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ: ਕਿਸਾਨਾਂ ਲਈ ਖ਼ਤਰੇ ਦੀ ਘੰਟੀ! ਪੰਜਾਵਾ ਮਾਈਨਰ ’ਚ ਪਿਆ 30 ਫੁੱਟ ਦਾ ਪਾੜ, ਪਈ ਨਵੀਂ ਮੁਸੀਬਤ
ਇਸ ਦੌਰਾਨ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ 60ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤਕ ਐੱਨ. ਡੀ .ਪੀ. ਐੱਸ. ਐਕਟ ਤਹਿਤ 4,930 ਐੱਫ਼. ਆਈ. ਆਰਜ਼ ਦਰਜ ਕਰਕੇ 7,889 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 325 ਕਿੱਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 157 ਕਿੱਲੋਗ੍ਰਾਮ ਅਫ਼ੀਮ, 95 ਕਿਲੋਗ੍ਰਾਮ ਗਾਂਜਾ, 21.89 ਲੱਖ ਗੋਲੀਆਂ/ਕੈਪਸੂਲ ਅਤੇ 8.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਸਖ਼ਤ ਹੁਕਮ ਜਾਰੀ, ਰਜਿਸਟਰੀਆਂ ਵਾਲੇ ਵੀ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e