ਪੰਜਾਬ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਕਾਰਜ ਯੋਜਨਾ ਉਲੀਕੀ

Wednesday, Jun 26, 2024 - 07:16 PM (IST)

ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਰੋਕਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ-2024 ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਰੀ ਅਤੇ ਹੋਰ ਉਪਾਅ ਪ੍ਰਦਾਨ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸਾਉਣੀ ਸੀਜ਼ਨ-2024 ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਦੇ ਇੱਛੁਕ ਕਿਸਾਨਾਂ, ਸਹਿਕਾਰੀ ਸੁਸਾਇਟੀਆਂ, ਐੱਫ਼. ਪੀ. ਓਜ਼. ਅਤੇ ਪੰਚਾਇਤਾਂ ਵੱਲੋਂ 21,511 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿਸਾਨਾਂ ਨੇ 63,697 ਮਸ਼ੀਨਾਂ ਲਈ ਅਰਜ਼ੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨ ਸੀ. ਆਰ. ਐੱਮ. ਮਸ਼ੀਨਰੀ ‘ਤੇ 50 ਫ਼ੀਸਦੀ ਸਬਸਿਡੀ ਲੈ ਸਕਦੇ ਹਨ, ਜਦੋਂਕਿ ਇਸ ਯੋਜਨਾ ਦੇ ਨਿਯਮਾਂ ਮੁਤਾਬਕ ਸਹਿਕਾਰੀ ਸੁਸਾਇਟੀਆਂ, ਐੱਫ਼. ਪੀ. ਓਜ਼. ਅਤੇ ਪੰਚਾਇਤਾਂ 80 ਫ਼ੀਸਦੀ ਸਬਸਿਡੀ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ (ਇਨ-ਸੀਟੂ) ਲਈ ਸੁਪਰ ਐੱਸ. ਐੱਮ. ਐੱਸ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਾਰਅ ਚੌਪਰ, ਸ਼੍ਰੈਡਰ, ਮਲਚਰ, ਹਾਈਡ੍ਰੌਲਿਕ ਰੀਵਰਸੀਵਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ (ਐਕਸ-ਸੀਟੂ) ਨਿਪਟਾਰੇ ਲਈ ਬੇਲਰ ਅਤੇ ਰੇਕ ਮਸ਼ੀਨਰੀਆਂ ਸਬਸਿਡੀ 'ਤੇ ਉਪਲਬਧ ਕਰਾਈਆਂ ਜਾ ਰਹੀਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਸਾਲ 2018-19 ਤੋਂ 2023 ਤੱਕ ਕੁੱਲ 1,30,000 ਸੀ.ਆਰ.ਐਮ. ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨਾਲੋਜੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕਰੇਗਾ ਅਤੇ ਸੂਬਾ ਸਰਕਾਰ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
 

ਇਹ ਵੀ ਪੜ੍ਹੋ-  ਵੱਡੀ ਖ਼ਬਰ: ਪਾਕਿ ਪੰਜਾਬ ਸਰਕਾਰ ਨੇ ਸਿੱਖ ਮੈਰਿਜ ਐਕਟ 2024 ਨੂੰ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News