ਪੰਜਾਬ ਦੇ ਇਸ ਇਲਾਕੇ ਦੇ ਲੋਕ ਨਹੀਂ ਪਾਉਣਗੇ ਵੋਟ! ਚੋਣਾਂ ਦੇ ਬਾਈਕਾਟ ਦਾ ਐਲਾਨ
Thursday, Jan 08, 2026 - 11:58 AM (IST)
ਖੰਨਾ (ਬਿਪਨ): ਖੰਨਾ ਦੇ ਗੁਰੂ ਨਾਨਕ ਨਗਰ ਦੇ ਲੋਕਾਂ ਨੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਇਲਾਕਾ ਵਾਰਡ ਨੰਬਰ 13 ਅਤੇ 14 ਦਾ ਸਾਂਝਾ ਮੁਹੱਲਾ ਹੈ, ਜਿੱਥੇ ਰਹਿਣ ਵਾਲੇ ਲੋਕ ਪਿਛਲੇ ਕਈ ਸਾਲਾਂ ਤੋਂ ਨਰਕ ਭਰਿਆ ਜੀਵਨ ਜੀਣ ਲਈ ਮਜਬੂਰ ਹਨ। ਅਜਿਹੇ ਹਾਲ ਵਿਚ ਇਲਾਕਾ ਨਿਵਾਸੀ ਵੋਟ ਨਾ ਪਾਉਣ ਦੀ ਗੱਲ ਕਰ ਰਹੇ ਨੇ।
ਦਰਅਸਲ, ਇਲਾਕੇ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਸੜਕਾਂ ਅਤੇ ਗਲੀਆਂ ਵਿਚ 24 ਘੰਟੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਬਦਬੂ ਅਤੇ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਲੋਕਾਂ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ ਨੂੰ ਸਕੂਲ ਭੇਜਣਾ ਮਾਪਿਆਂ ਲਈ ਵੱਡੀ ਚੁਣੌਤੀ ਬਣ ਗਿਆ ਹੈ ਕਿਉਂਕਿ ਗੰਦੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ। ਕਈ ਵਾਰ ਬੱਚੇ ਤਿਲਕ ਕੇ ਡਿੱਗ ਜਾਂਦੇ ਹਨ। ਬਜ਼ੁਰਗ ਅਤੇ ਬਿਮਾਰ ਲੋਕ ਸਭ ਤੋਂ ਵੱਧ ਪ੍ਰੇਸ਼ਾਨ ਹਨ।
ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਨਗਰ ਕੌਂਸਲ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਸ਼ਿਕਾਇਤ ਕਰ ਚੁੱਕੇ ਹਨ, ਪਰ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਦੁਖੀ ਹੋ ਕੇ ਲੋਕਾਂ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਉਹ ਕਿਸੇ ਵੀ ਪਾਰਟੀ ਨੂੰ ਵੋਟ ਨਹੀਂ ਪਾਉਣਗੇ ਅਤੇ ਵੋਟਾਂ ਦਾ ਬਾਈਕਾਟ ਕਰਨਗੇ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
