ਲੁਧਿਆਣਾ 'ਚ ਹੋਵੇਗਾ 2 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ
Monday, Feb 14, 2022 - 02:40 PM (IST)
ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ 3 ਸਾਬਕਾ ਮੁੱਖ ਮੰਤਰੀ ਅਤੇ 5 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਮੈਦਾਨ 'ਚ ਹਨ। ਉਨ੍ਹਾਂ 'ਚ 2 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਜ਼ਿਲ੍ਹਾ ਲੁਧਿਆਣਾ 'ਚ ਹੋਵੇਗਾ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਸਿੰਘ ਖੰਨਾ ਤੋਂ ਚੋਣਾਂ ਲੜ ਰਹੇ ਹਨ, ਜੋ ਇੱਥੋਂ ਲਗਾਤਾਰ ਦੂਜੀ ਵਾਰ ਵਿਧਾਇਕ ਹਨ। ਇਸੇ ਤਰ੍ਹਾਂ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਬਿਕਰਮ ਬਾਜਵਾ ਨੂੰ ਸਾਹਨੇਵਾਲ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਹਰਚਰਨ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਮੁਕਤਸਰ ਤੋਂ ਚੋਣਾਂ ਲੜ ਰਹੇ ਹਨ।
ਇਹ ਵੀ ਪੜ੍ਹੋ : CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕੀ ਰਿਹਾ ਕਾਰਨ
ਮਾਲਵਾ ਤੋਂ ਜ਼ਿਆਦਾ ਮਾਝਾ 'ਚ ਹਨ ਬਾਦਲ ਦੇ ਰਿਸ਼ਤੇਦਾਰ
ਜੇਕਰ ਕਿਸੇ ਸਾਬਕਾ ਮੁੱਖ ਮੰਤਰੀ ਦੇ ਸਭ ਤੋਂ ਜ਼ਿਆਦਾ ਰਿਸ਼ਤੇਦਾਰ ਚੋਣਾਂ ਲੜ ਰਹੇ ਹਨ ਤਾਂ ਉਹ ਪ੍ਰਕਾਸ਼ ਸਿੰਘ ਬਾਦਲ ਹਨ, ਜਿਨ੍ਹਾਂ ਦਾ ਬੇਟਾ ਸੁਖਬੀਰ ਬਾਦਲ ਅਤੇ ਭਤੀਜਾ ਮਨਪ੍ਰੀਤ ਬਾਦਲ ਮਾਲਵਾ ਦੀ ਜਲਾਲਾਬਾਦ ਅਤੇ ਬਠਿੰਡਾ ਸੀਟ ਤੋਂ ਚੋਣਾਂ ਲੜ ਰਹੇ ਹਨ। ਹਾਲਾਂਕਿ ਪਹਿਲਾਂ ਉਨ੍ਹਾਂ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬਿਕਰਮ ਮਜੀਠੀਆ ਨੂੰ ਮਾਝਾ ਤੋਂ ਉਮੀਦਵਾਰ ਬਣਾਇਆ ਗਿਆ ਸੀ ਪਰ ਜਦੋਂ ਤੋਂ ਮਜੀਠੀਆ ਨੇ ਅੰਮ੍ਰਿਤਸਰ ਤੋਂ ਨਵਜੋਤ ਸਿੱਧੂ ਖ਼ਿਲਾਫ਼ ਚੋਣਾਂ ਲੜਨ ਲਈ ਆਪਣੀ ਪਤਨੀ ਨੂੰ ਮਜੀਠਾ ਸੀਟ ਤੋਂ ਚੋਣਾਂ ਲੜਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਮਾਝਾ 'ਚ ਬਾਦਲ ਦੇ ਰਿਸ਼ਤੇਦਾਰਾਂ ਦੀ ਗਿਣਤੀ ਜ਼ਿਆਦਾ ਹੋ ਗਈ ਹੈ।
ਇਹ ਵੀ ਪੜ੍ਹੋ : CM ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ 'ਤੇ ਵੀ ਲਾਏ ਰਗੜੇ
ਆਦੇਸ਼ ਪ੍ਰਤਾਪ ਹਨ 2 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ
ਪੰਜਾਬ 'ਚ ਚੋਣਾਂ ਲੜ ਰਹੇ ਉਮੀਦਵਾਰਾਂ 'ਚ ਜੇਕਰ ਕੋਈ 2 ਸਾਬਕਾ ਮੁੱਖ ਮੰਤਰੀਆਂ ਦਾ ਰਿਸ਼ਤੇਦਾਰ ਹੈ ਤਾਂ ਉਹ ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਨ, ਜੋ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਅਤੇ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ