ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਹੁਕਮ ਜਾਰੀ

Monday, Dec 09, 2024 - 05:48 PM (IST)

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ.ਈ.ਆਰ.ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਚੁੱਕੀ ਗਈ ਮੰਗ ਬਾਰੇ ਵਿਚਾਰ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤਕ ਬੰਦ ਰਹਿਣਗੇ ਸਕੂਲ

ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐੱਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ 'ਚ ਮਾਹੌਲ ਤਣਾਅਪੂਰਨ, ਵੱਡੇ-ਵੱਡੇ ਮਾਲ ਵੀ ਹੋ ਗਏ ਬੰਦ

ਮੀਟਿੰਗਾਂ ਵਿਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ. ਆਈ. ਈ. ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ. ਈ. ਈ. ਆਰ. ਟੀ. ਵਿਸ਼ੇਸ਼ ਅਧਿਆਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News