ਪੰਜਾਬ ਦੇ ਗੰਨਾ ਕਿਸਾਨਾਂ ਨੂੰ 'ਕੋਰੋਨਾ ਸੰਕਟ' ਦੌਰਾਨ ਵੱਡੀ ਰਾਹਤ

Thursday, Apr 23, 2020 - 07:08 PM (IST)

ਪੰਜਾਬ ਦੇ ਗੰਨਾ ਕਿਸਾਨਾਂ ਨੂੰ 'ਕੋਰੋਨਾ ਸੰਕਟ' ਦੌਰਾਨ ਵੱਡੀ ਰਾਹਤ

ਚੰਡੀਗੜ੍ਹ : ਪੰਜਾਬ 'ਚ ਕੋਵਿਡ-19 ਦੇ ਸੰਕਟ ਕਾਰਨ ਲਾਏ ਕਰਫਿਊ/ਲਾਕ ਡਾਊਨ ਦੇ ਚੱਲਦਿਆਂ ਸਰਕਾਰ ਵਲੋਂ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਗੰਨਾ ਕਾਸ਼ਤਕਾਰਾਂ, ਕਿਸਾਨਾਂ ਦੀ ਬਾਂਹ ਫੜ੍ਹਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈੱਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਨੂੰ ਅੱਗੇ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਇਸ ਨਾਲ ਗੰਨਾ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ, ਉਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ 'ਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਸਹਿਕਾਰਤਾ ਮੰਤਰੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਸੰਕਟ ਕਾਰਨ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜ੍ਹਦਿਆਂ ਕੀਤਾ ਗਿਆ ਇਹ ਫੈਸਲਾ ਇਤਿਹਾਸਕ ਹੈ, ਜਿਸ ਲਈ ਸੂਬੇ ਦੇ ਕਿਸਾਨ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਨ। ਰੰਧਾਵਾ ਨੇ ਕਿਹਾ ਕਿ ਲਾਕ ਡਾਊਨ ਕਾਰਨ ਇਕ ਪਾਸੇ ਸੂਬਾ ਸਰਕਾਰ ਦੇ ਮਾਲੀਏ 'ਚ ਵੱਡੀ ਗਿਰਾਵਟ ਆਈ ਹੈ ਅਤੇ ਦੂਜੇ ਪਾਸੇ ਸਿਹਤ ਸੇਵਾਵਾਂ ਅਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ ਨਹੀਂ ਦਿੱਤਾ, ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੈ।
 


author

Baljeet Kaur

Content Editor

Related News