ਪੰਜਾਬ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਸੋਚ ਸਮਝ ਕੇ ਘਰੋਂ ਨਿਕਲਣ ਲੋਕ
Friday, Nov 11, 2022 - 12:39 PM (IST)
ਸਮਰਾਲਾ (ਗਰਗ, ਬੰਗੜ) : ਪੰਜਾਬ ਦੇ ਕਿਸਾਨਾਂ ਵੱਲੋਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਿਸਾਨਾਂ ਦੀ ਅਣਦੇਖੀ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਮੰਨੀਆਂ ਗਈਆਂ ਕਿਸਾਨੀ ਮੰਗਾਂ ਨੂੰ ਵੀ ਲਾਗੂ ਨਾ ਕਰਨ ਦੇ ਵਿਰੋਧ 'ਚ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਆਗੂਆਂ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕਰਨ ਲਈ 16 ਨਵੰਬਰ ਨੂੰ ਸੂਬੇ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਜੱਥੇਬੰਦੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ 'ਚ ਅੰਤਰ ਦਾ ਪਤਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਨਾਲ ਹੋਈ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਦੇ ਸੰਬੰਧ 'ਚ ਅਜੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ 'ਚ ਫਿਰ ਦਿਖਿਆ ਪਾਕਿਸਤਾਨੀ ਡਰੋਨ, ਕੁੱਝ ਸਮੇਂ ਬਾਅਦ ਵਾਪਸ ਪਰਤਿਆ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਸਾਨਾਂ ਦੀ ਅਣਦੇਖੀ ਕਰ ਰਹੀ ਹੈ, ਜਿਸ ਦੇ ਰੋਸ ਵਜੋਂ 16 ਨਵੰਬਰ ਨੂੰ ਪੰਜਾਬ 'ਚ ਚਾਰ ਪ੍ਰਮੁੱਖ ਥਾਵਾਂ ਪਟਿਆਲਾ, ਫਿਰੋਜ਼ਪੁਰ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ’ਚ ਕਿਸਾਨ ਇਕੱਤਰ ਹੋ ਕੇ ਸੜਕ ਜਾਮ ਕਰਦੇ ਹੋਏ ਰੋਸ ਵਿਖਾਵਾ ਕਰਨਗੇ। ਉਨਾਂ ਦੱਸਿਆ ਕਿ ਪੰਜ ਜ਼ਿਲ੍ਹਿਆਂ ਲੁਧਿਆਣਾ, ਰੋਪੜ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਦੇ ਹਜ਼ਾਰਾਂ ਕਿਸਾਨ ਵਰਕਰ ਉਸ ਦਿਨ ਪਟਿਆਲਾ-ਰਾਜਪੁਰਾ ਰੋਡ 'ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵੱਜੋਂ ਚੱਕਾ ਜਾਮ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਭਾਜਪਾ ਆਗੂ ਦੀ ਫੈਕਟਰੀ 'ਚ ਫਾਇਰਿੰਗ, ਜਾਣੋ ਪੂਰਾ ਮਾਮਲਾ (ਤਸਵੀਰਾਂ)
ਇਸੇ ਤਰ੍ਹਾਂ ਹੋਰ ਥਾਵਾਂ ’ਤੇ ਵੀ ਵੱਖ-ਵੱਖ ਜ਼ਿਲ੍ਹਿਆਂ ਦੇ ਵਰਕਰਾਂ ਨੂੰ ਰੋਡ ਜਾਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਰਮਨਦੀਪ ਸਿੰਘ ਨੀਲੋਂ, ਮਲਕੀਤ ਸਿੰਘ ਘੁਲਾਲ, ਹਰਦੀਪ ਸਿੰਘ ਰਾਣਵਾ, ਸਵਰਨਜੀਤ ਸਿੰਘ, ਬਲਰਾਜ ਸਿੰਘ, ਸੋਹਨ ਸਿੰਘ, ਗੁਰਮੀਤ ਸਿੰਘ ਕੁੱਬੇ, ਸੰਦੀਪ ਸਿੰਘ, ਮਲਕੀਤ ਸਿੰਘ ਪੂਨੀਆ, ਟਹਿਲ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ