ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਦੇਣ ਜਾ ਰਹੀ ਇਹ ਵੱਡੀ ਸਹੂਲਤ

Sunday, Jul 02, 2023 - 06:43 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ’ਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਹੀ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ : ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐੱਮ.) ਮਸ਼ੀਨਰੀ 'ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐੱਫ. ਪੀ. ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐੱਸ.ਐੱਮ.ਐੱਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ-ਸੀਟੂ ਪ੍ਰਬੰਧਨ ਵਿਚ ਬੇਲਰ ਅਤੇ ਰੇਕ ਸਬਸਿਡੀ 'ਤੇ ਉਪੱਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ 'ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐੱਫ. ਪੀ. ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਫਰੀ ਬਿਜਲੀ ਨੂੰ ਲੈ ਕੇ ਮੁੱਖ ਮੰਤਰੀ ਨੇ ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਸੂਬੇ ਵਿਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com ’ਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲੱਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਸਖ਼ਤ ਕਦਮ, ਜਾਰੀ ਕੀਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News