ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

08/10/2017 4:08:50 PM

ਜਾਜਾ(ਸ਼ਰਮਾ)— ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਸ਼ਿਮਲਾ ਪਹਾੜੀ ਪਾਰਕ ਟਾਂਡਾ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ 'ਚ ਯੂਨੀਅਨ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਿਸੇ ਵੀ ਮਹਿਕਮੇ 'ਚ ਭਰਤੀ ਨਾ ਕੀਤੇ ਜਾਣ ਕਾਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਅਧੀਨ ਕੋਰਟ ਕੇਸ ਵਾਲੇ ਮੁਲਾਜ਼ਮਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਸੀ. ਪੀ. ਐੱਫ. 'ਚੋਂ ਨਿਕਾਸੀ ਸਬੰਧੀ ਕੋਈ ਕੇਸ ਹੱਲ ਕਰ ਕੇ ਇਕ ਵੀ ਪੈਸਾ ਨਹੀਂ ਦਿੱਤਾ ਗਿਆ, ਜਿਸ ਕਾਰਨ ਰਿਟਾਇਰਡ ਹੋ ਚੁੱਕੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਹਨ। ਉਨ੍ਹਾਂ ਨੇ ਦੱਸਿਆ ਕਿ ਜਨਵਰੀ 2017 ਦੀ ਡੀ. ਏ. ਦੀ ਕਿਸ਼ਤ 7 ਮਹੀਨੇ ਬੀਤ ਜਾਣ ਤੋਂ ਬਾਅਦ ਅਜੇ ਵੀ ਨਹੀਂ ਦਿੱਤੀ ਗਈ, ਜਿਸ ਕਾਰਨ ਮੁਲਾਜ਼ਮ ਵਰਗ 'ਚ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਰਕਰਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਅਜੀਤ ਸਿੰਘ, ਅਸ਼ੋਕ ਕੁਮਾਰ, ਹੇਮ ਰਾਜ, ਹਰਿੰਦਰਪਾਲ ਸਿੰਘ, ਲਖਵਿੰਦਰ ਸਿੰਘ, ਬਚਿੱਤਰ ਸਿੰਘ, ਰਾਮਦਿੱਤਾ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।


Related News