ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਪੁਲਸ ਨੇ ਕੀਤਾ ਡਿਟੇਨ

Monday, Mar 16, 2026 - 02:45 PM (IST)

ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨੂੰ ਪੁਲਸ ਨੇ ਕੀਤਾ ਡਿਟੇਨ

ਖੰਨਾ (ਵਿਪਨ): ਖੰਨਾ ਵਿਚ ਅੱਜ ਬਲਾਕ ਸੰਮਤੀ ਚੇਅਰਮੈਨ ਅਤੇ ਉਪ-ਚੇਅਰਮੈਨ ਦੀ ਚੋਣ ਦੇ ਵਿਰੋਧ ਵਿਚ ਬੀ.ਡੀ.ਪੀ.ਓ. ਦਫ਼ਤਰ ਨੂੰ ਤਾਲਾ ਜੜਨ ਜਾ ਰਹੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਉਨ੍ਹਾਂ ਦੇ ਕਈ ਸਾਥੀਆਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਕਾਂਗਰਸ ਵੱਲੋਂ ਪਹਿਲਾਂ ਹੀ ਇਸ ਸਬੰਧੀ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਸ਼ਹਿਰ ਵਿਚ ਪੁਲਸ ਪ੍ਰਸ਼ਾਸਨ ਅਲਰਟ ਮੋਡ ‘ਤੇ ਸੀ।

ਜਾਣਕਾਰੀ ਮੁਤਾਬਕ ਸਮਰਾਲਾ ਚੌਂਕ ਵਿਚ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਇਕੱਠੇ ਹੋਏ। ਇੱਥੇ ਕਾਂਗਰਸੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਲਾਕ ਸੰਮਤੀ ਚੋਣਾਂ ਨੂੰ ਗੈਰ-ਲੋਕਤੰਤਰਿਕ ਦੱਸਿਆ ਗਿਆ। ਇਸ ਮਗਰੋਂ ਜਿਵੇਂ ਹੀ ਪ੍ਰਦਰਸ਼ਨਕਾਰੀ ਬੀ.ਡੀ.ਪੀ.ਓ. ਦਫ਼ਤਰ ਵੱਲ ਤਾਲਾ ਜੜਨ ਲਈ ਤੁਰੇ ਤਾਂ ਪੁਲਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ।

ਪੁਲਸ ਵੱਲੋਂ ਸਭ ਤੋਂ ਪਹਿਲਾਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਇਸ ਤੋਂ ਬਾਅਦ ਕਰੀਬ 40 ਤੋਂ 50 ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਵੀ ਕਾਬੂ ਕਰ ਲਿਆ ਗਿਆ। ਹਿਰਾਸਤ ਵਿਚ ਲਏ ਗਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਦੋ ਬੱਸਾਂ ਵਿਚ ਬਿਠਾ ਕੇ ਪੁਲਸ ਆਪਣੇ ਨਾਲ ਲੈ ਗਈ, ਜਿਸ ਨਾਲ ਬੀ.ਡੀ.ਪੀ.ਓ. ਦਫ਼ਤਰ ਨੂੰ ਤਾਲਾ ਜੜਨ ਦੀ ਕੋਸ਼ਿਸ਼ ਨਾਕਾਮ ਹੋ ਗਈ। ਮੌਕੇ ‘ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਰਹੀ ਅਤੇ ਸਥਿਤੀ ਨੂੰ ਕਾਬੂ ਵਿਚ ਰੱਖਿਆ ਗਿਆ ਤਾਂ ਜੋ ਕਿਸੇ ਤਰ੍ਹਾਂ ਦੀ ਅਣਚਾਹੀ ਘਟਨਾ ਨਾ ਵਾਪਰੇ।

ਹਿਰਾਸਤ ਵਿਚ ਲਏ ਜਾਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਜਾਂ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ ਅਤੇ ਪਾਰਟੀ ਵੱਲੋਂ ਲੋਕਤੰਤਰ ਦੀ ਬਹਾਲੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ ਹੈ, ਜਿਸ ਦਾ ਵਿਰੋਧ ਅੱਗੇ ਵੀ ਤਿੱਖੇ ਢੰਗ ਨਾਲ ਕੀਤਾ ਜਾਵੇਗਾ।


author

Anmol Tagra

Content Editor

Related News