ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ

Thursday, Jan 23, 2025 - 11:12 PM (IST)

ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ : ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਸ ਇਮਾਰਤਾਂ, ਖਾਸ ਕਰ ਕੇ ਪੁਲਸ ਥਾਣਿਆਂ ਅਤੇ ਪੁਲਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਸਹਿਮਤੀ ਮਿਲ ਗਈ ਹੈ, ਜਿਸ ਨਾਲ ਪੰਜਾਬ ਪੁਲਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਉਨ੍ਹਾਂ ਕਿਹਾ, ‘‘426 ਕਰੋੜ ਰੁਪਏ ਦੇ ਫੰਡ ਦੀ ਵਰਤੋਂ ਸੂਬੇ ਭਰ ਵਿੱਚ ਪੁਲਸ ਇਮਾਰਤਾਂ, ਖਾਸ ਕਰ ਕੇ ਪੁਲਸ ਥਾਣਿਆਂ ਅਤੇ ਪੁਲਸ ਲਾਈਨਾਂ ਅਤੇ ਹੋਰ ਪੁਲਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਕੀਤੀ ਜਾਵੇਗੀ।’’ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪੁਲਸ ਫੋਰਸ ਦੀ ਕਾਰਜ-ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।

ਗੌਰਤਲਬ ਹੈ ਕਿ ਡੀ.ਜੀ.ਪੀ. ਪੰਜਾਬ, ਗਣਤੰਤਰ ਦਿਵਸ ਦੇ ਮੱਦੇਨਜ਼ਰ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਪੁਲਸ ਰੇਂਜਾਂ ਵਿਖੇ ਕਾਨੂੰਨ ਵਿਵਸਥਾ ਦੀ ਸਮੀਖਿਆ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਹਿੱਤ ਮੀਟਿੰਗਾਂ ਕਰਨ ਲਈ ਇੱਕ ਤੂਫਾਨੀ ਦੌਰੇ ’ਤੇ ਸਨ।

ਆਪਣੇ ਇਸ ਦੌਰੇ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਨੇ ਬਠਿੰਡਾ ਵਿੱਚ ਇੱਕ ਮੁੜ-ਉਸਾਰੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ ਅਤੇ ਪਟਿਆਲਾ ਵਿੱਚ ਪੁਲਸ ਕੰਟਰੋਲ ਰੂਮ (ਪੀ.ਸੀ.ਆਰ.) ਲਈ 20 ਮੋਟਰਸਾਈਕਲਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ, ਜੋ ਕਿ ਪੁਲਸ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਚੱਲ ਰਹੇ ਯਤਨਾਂ ਦਾ ਅਹਿਮ ਹਿੱਸਾ ਹੈ। ਇਹ ਮੋਟਰਸਾਇਕਲ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ.) ਫੰਡਿੰਗ ਰਾਹੀਂ ਪਟਿਆਲਾ ਪੀ.ਸੀ.ਆਰ. ਵਿੱਚ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਆਗਾਮੀ ਗਣਤੰਤਰ ਦਿਵਸ-2025 ਦੇ ਸੁਰੱਖਿਅਤ ਅਤੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਸੁਰੱਖਿਆ ਵਿੱਚ ਸਖ਼ਤੀ ਵਧਾਉਣ, ਗਸ਼ਤ ਤੇਜ਼ੀ ਲਿਆਉਣ ਅਤੇ ਰਾਤ ਸਮੇਂ ਨਾਈਟ ਡੌਮਸੀਨੇਸ਼ਨ ਆਪ੍ਰੇਸ਼ਨਾਂ ਨੂੰ ਹੋਰ ਮੁਸਤੈਦੀ ਨਾਲ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵੱਖ-ਵੱਖ ਰੇਂਜਾਂ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦੇ ਹੋਏ, ਡੀ.ਜੀ.ਪੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਅਲਰਟ ਅਤੇ ਵੇਰਵੇ ਸਾਂਝੇ ਕੀਤੇ।

ਉਨ੍ਹਾਂ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਜਨਤਕ ਥਾਵਾਂ ’ਤੇ ਪੁਲਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਅਤੇ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਸ ਨਾਕਿਆਂ ਦੀ ਗਿਣਤੀ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ

ਖੇਡਾਂ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਨੇ ‘ਯੂਥ ਕਨੈਕਟ’ ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਸੰਗਰੂਰ ਵਿੱਚ ਨੌਜਵਾਨ ਐਥਲੀਟਾਂ ਨੂੰ ਸਿਖਲਾਈ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ 6 ਕੋਚਾਂ ਨੂੰ ਤਰੱਕੀ ਦਿੱਤੀ। ਇਸ ਪਹਿਲ ਦਾ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਆ ਜਾ ਸਕੇ। ਇਸ ਪ੍ਰੋਗਰਾਮ ਨੇ ਸਾਧਾਰਨ ਪਰਿਵਾਰਾਂ ਦੇ ਘੱਟੋ-ਘੱਟ 78 ਬੱਚਿਆਂ ਨੂੰ ਖੇਡਾਂ ਵਿੱਚ ਆਪਣੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ।

ਇਸ ਦੌਰਾਨ ਡੀ.ਜੀ.ਪੀ. ਵੱਲੋਂ ਆਪਣੀ ਡਿਊਟੀ ਪੂਰੇ ਜੋਸ਼, ਲਗਨ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਪਟਿਆਲਾ ਰੇਂਜ ਦੇ ਪੰਜਾਬ ਪੁਲਸ ਅਧਿਕਾਰੀਆਂ ਨੂੰ ਡੀ.ਜੀ.ਪੀ. ਪ੍ਰਸ਼ੰਸਾ ਡਿਸਕਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੁੱਲ 46 ਅਧਿਕਾਰੀਆਂ ਨੂੰ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨਿਤ ਕੀਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News