ਪੰਜਾਬ ਸਰਕਾਰ ਵੱਲੋਂ ਮੀਡੀਆ ’ਤੇ ਦਬਾਅ ਦੀ ਨੀਤੀ ਅਸਵੀਕਾਰਯੋਗ: ਬਠਿੰਡਾ ਪ੍ਰੈਸ ਕਲੱਬ
Monday, Jan 19, 2026 - 07:26 PM (IST)
ਬਠਿੰਡਾ (ਵਿਜੈ ਵਰਮਾ) : ਪੰਜਾਬ ਸਰਕਾਰ ਵੱਲੋਂ ਅਖ਼ਬਾਰਾਂ ਨਾਲ ਜੁੜੇ ਪ੍ਰਤਿਸ਼ਠਿਤ ਮੀਡੀਆ ਗਰੁੱਪ ਪੰਜਾਬ ਕੇਸਰੀ ਨੂੰ ਨਿਸ਼ਾਨਾ ਬਣਾਕੇ ਦਬਾਅ ਅਤੇ ਦਮਨ ਦੀ ਨੀਤੀ ਅਪਣਾਉਣ ਦੇ ਦੋਸ਼ਾਂ ਨੇ ਸਾਰੇ ਸੂਬੇ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਬਠਿੰਡਾ ਪ੍ਰੈਸ ਕਲੱਬ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਸਰਬਸੰਮਤੀ ਨਾਲ ਨਿੰਦਾ ਪ੍ਰਸਤਾਵ ਪਾਸ ਕੀਤਾ ਅਤੇ ਮੀਡੀਆ ਦੀ ਆਜ਼ਾਦੀ ’ਤੇ ਹੋ ਰਹੇ ਹਮਲਿਆਂ ਨੂੰ ਲੋਕਤੰਤਰ ਲਈ ਘਾਤਕ ਕਰਾਰ ਦਿੱਤਾ।
ਪ੍ਰੈਸ ਕਲੱਬ ਦੇ ਪ੍ਰਧਾਨ ਬਖ਼ਤੌਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਸੀਨੀਅਰ ਪੱਤਰਕਾਰਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਜੁੜੇ ਨੁਮਾਇੰਦਿਆਂ ਅਤੇ ਵੱਖ-ਵੱਖ ਟੀਵੀ ਚੈਨਲਾਂ ਦੇ ਪੱਤਰਕਾਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਇਕ ਸੁਰ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਸਿਰਫ਼ ਮੀਡੀਆ ’ਤੇ ਦਬਾਅ ਬਣਾਉਣ ਦੀ ਸਾਜ਼ਿਸ਼ ਨਹੀਂ, ਸਗੋਂ ਪ੍ਰਗਟਾਵੇ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ।
ਮੀਟਿੰਗ ਦੌਰਾਨ ਪੱਤਰਕਾਰਾਂ ਨੇ ਦੋਸ਼ ਲਗਾਇਆ ਕਿ ਪੰਜਾਬ ਕੇਸਰੀ ਦੇ ਕਰਮਚਾਰੀਆਂ ’ਤੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਹਮਲੇ ਕੀਤੇ ਗਏ, ਉਨ੍ਹਾਂ ਨੂੰ ਗੰਭੀਰ ਚੋਟਾਂ ਪਹੁੰਚਾਈਆਂ ਗਈਆਂ ਅਤੇ ਕਈ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਤੌਰ ’ਤੇ ਹਿਰਾਸਤ ਵਿੱਚ ਲਿਆ ਗਿਆ। ਇੰਨਾ ਹੀ ਨਹੀਂ, ਬਿਨਾਂ ਕਿਸੇ ਕਾਨੂੰਨੀ ਇਜਾਜ਼ਤ ਦੇ ਪ੍ਰੈਸ ਦਫ਼ਤਰ ਵਿੱਚ ਕੰਧਾਂ ਟੱਪ ਕੇ ਦਾਖ਼ਲ ਹੋਣਾ ਅਤੇ ਕਰਮਚਾਰੀਆਂ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨਾ ਲੋਕਤੰਤਰਿਕ ਪ੍ਰਣਾਲੀ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ।
ਬਠਿੰਡਾ ਪ੍ਰੈਸ ਕਲੱਬ ਨੇ ਸਪਸ਼ਟ ਕੀਤਾ ਕਿ ਸੂਬੇ ਭਰ ਦਾ ਮੀਡੀਆ ਭਾਈਚਾਰਾ ਪੂਰੀ ਮਜ਼ਬੂਤੀ ਨਾਲ ਪੰਜਾਬ ਕੇਸਰੀ ਗਰੁੱਪ ਦੇ ਨਾਲ ਖੜਾ ਹੈ ਅਤੇ ਪ੍ਰੈਸ ਦੀ ਆਜ਼ਾਦੀ ਨਾਲ ਕਿਸੇ ਵੀ ਸੂਰਤ ਵਿੱਚ ਸਮਝੌਤਾ ਨਹੀਂ ਕੀਤਾ ਜਾਵੇਗਾ। ਪੱਤਰਕਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਆਪਣੀ ਦਮਨਕਾਰੀ ਨੀਤੀ ਵਿੱਚ ਬਦਲਾਅ ਨਾ ਕੀਤਾ, ਤਾਂ ਅੰਦੋਲਨ ਨੂੰ ਹੋਰ ਵਿਆਪਕ ਅਤੇ ਤੇਜ਼ ਕੀਤਾ ਜਾਵੇਗਾ।
ਪ੍ਰੈਸ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਮੀਡੀਆ ’ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸੂਬੇ ਵਿੱਚ ਆਮ ਜਨਤਾ ਵਿੱਚ ਵੀ ਭਾਰੀ ਰੋਸ ਹੈ। ਵਪਾਰੀ ਵਰਗ, ਕਿਸਾਨ ਜਥੇਬੰਦੀਆਂ, ਮਜ਼ਦੂਰ ਯੂਨਿਅਨਜ਼, ਉਦਯੋਗਪਤੀ, ਕਰਮਚਾਰੀ ਸੰਗਠਨ, ਰਾਜਨੀਤਿਕ ਦਲਾਂ ਦੇ ਨੁਮਾਇੰਦੇ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਵੱਲੋਂ ਵੀ ਪੰਜਾਬ ਸਰਕਾਰ ਦੀ ਇਸ ਨੀਤੀ ਦੀ ਕੜੀ ਨਿੰਦਾ ਕੀਤੀ ਜਾ ਰਹੀ ਹੈ।
ਬਠਿੰਡਾ ਪ੍ਰੈਸ ਕਲੱਬ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਮੀਡੀਆ ’ਤੇ ਹਮਲਾ ਲੋਕਤੰਤਰ ਦੀਆਂ ਜੜ੍ਹਾਂ ’ਤੇ ਹਮਲਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੀ ਕੜੀ ਹੇਠ ਇਹ ਵੀ ਐਲਾਨ ਕੀਤਾ ਗਿਆ ਕਿ 24 ਜਨਵਰੀ ਨੂੰ ਬਠਿੰਡਾ ਪ੍ਰੈਸ ਕਲੱਬ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਪ੍ਰੈਸ ਦੀ ਆਜ਼ਾਦੀ ’ਤੇ ਹੋ ਰਹੇ ਹਮਲਿਆਂ ਦੇ ਖ਼ਿਲਾਫ਼ ਪੰਜਾਬ ਦੇ ਰਾਜਪਾਲ ਦੇ ਨਾਮ ਯਾਦਦਾਸ਼ਤ ਡੀਸੀ ਰਾਹੀਂ ਸੌਂਪੀ ਜਾਵੇਗੀ।
ਪ੍ਰੈਸ ਕਲੱਬ ਨੇ ਸਰਕਾਰ ਨੂੰ ਚਿਤਾਇਆ ਕਿ ਜੇਕਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ, ਤਾਂ ਪੂਰੇ ਸੂਬੇ ਵਿੱਚ ਪੱਤਰਕਾਰ ਸੜਕਾਂ ’ਤੇ ਉਤਰਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
