ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ : ਐੱਨ. ਕੇ. ਸ਼ਰਮਾ

Thursday, Mar 19, 2026 - 05:25 PM (IST)

ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ : ਐੱਨ. ਕੇ. ਸ਼ਰਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐੱਨ. ਕੇ. ਸ਼ਰਮਾ ਨੇ ਵਿਰੋਧੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਹੈ ਕਿ ਇਨ੍ਹਾਂ ਨੇ ਪਿਛਲੇ 9 ਸਾਲਾਂ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਅਤੇ ਪਿਛਲੀ ਸਰਕਾਰ ਨੇ ਪੰਜਾਬੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ। ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 'ਕਰਜ਼ਾ ਕੁਰਕੀ ਖ਼ਤਮ' ਅਤੇ 'ਹਰ ਘਰ ਨੌਕਰੀ' ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਜ਼ਮੀਨੀ ਪੱਧਰ 'ਤੇ ਕੁਝ ਵੀ ਨਹੀਂ ਹੋਇਆ। ਇਸੇ ਤਰ੍ਹਾਂ ਆਮ ਆਦਮੀ ਪਾਰਟੀ (ਝਾੜੂ ਵਾਲਿਆਂ) ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਨੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਵਫ਼ਾ ਨਹੀਂ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿਚ ਲਾਅ ਐਂਡ ਆਰਡਰ (ਕਾਨੂੰਨ ਵਿਵਸਥਾ) ਦਾ ਬਹੁਤ ਬੁਰਾ ਹਾਲ ਹੈ।

ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਹੀ ਬਾਦਲ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਸੀ। ਉਨ੍ਹਾਂ ਅਨੁਸਾਰ ਸਰਦਾਰ ਬਾਦਲ ਨੇ ਹਰ ਵਰਗ ਅਤੇ ਹਰ ਧਰਮ ਦਾ ਖਿਆਲ ਰੱਖਿਆ। ਸ਼ਰਮਾ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਵਿਰਾਸਤ-ਏ-ਖਾਲਸਾ (ਖਾਲਸਾ ਹੈਰੀਟੇਜ) ਦੀ ਉਸਾਰੀ ਕਰਵਾਈ ਗਈ। ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਵਾਈ ਗਈ। ਭਗਵਾਨ ਵਾਲਮੀਕਿ ਜੀ ਅਤੇ ਗੁਰੂ ਰਵਿਦਾਸ ਜੀ ਦੇ ਪਵਿੱਤਰ ਸਥਾਨਾਂ ਦੀ ਸੇਵਾ ਕਰਵਾਈ ਗਈ। ਦੁਰਗਿਆਣਾ ਮੰਦਰ ਦੇ ਸੁੰਦਰੀਕਰਨ ਲਈ 250 ਕਰੋੜ ਰੁਪਏ ਖਰਚ ਕੀਤੇ ਗਏ। ਐੱਨ. ਕੇ. ਸ਼ਰਮਾ ਨੇ ਸਪੱਸ਼ਟ ਕੀਤਾ ਕਿ ਜਿੱਥੇ ਅਕਾਲੀ ਦਲ ਨੇ ਪੰਜਾਬ ਦੀ ਵਿਰਾਸਤ ਅਤੇ ਸ਼ਾਂਤੀ ਲਈ ਕੰਮ ਕੀਤਾ, ਉੱਥੇ ਹੀ ਦੂਜੀਆਂ ਪਾਰਟੀਆਂ ਨੇ ਸਿਰਫ ਸਿਆਸੀ ਲਾਹਾ ਲੈਣ ਲਈ ਝੂਠ ਦਾ ਸਹਾਰਾ ਲਿਆ ਹੈ।


author

Gurminder Singh

Content Editor

Related News