ਇਨ੍ਹਾਂ ਪਿੰਡਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਕਰੋੜਾਂ ਰੁਪਏ ਨਾਲ ਹੋਣਗੇ ਵਿਕਾਸ
Monday, Oct 06, 2025 - 05:47 PM (IST)

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿਚ ਅੜਿੱਕਾ ਨਹੀਂ ਲਗਦਾ ਅਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇਕ ਕਰਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲੱਗਦੀ ਹੈ ਤਾਂ ਫੌਰੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾ, ਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।