ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਵੱਡਾ ਐਲਾਨ, ਕੈਬਨਿਟ ''ਚ ਲਿਆ ਗਿਆ ਫ਼ੈਸਲਾ
Tuesday, Jul 08, 2025 - 11:41 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਇਕ ਮਹੱਤਵਪੂਰਨ ਕਦਮ ਚੁੱਕਦਿਆਂ 22 ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 5 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦੀ ਸਮੀਖਿਆ ਕਰਦੇ ਹੋਏ ਪੇਂਡੂ ਕਿੱਤਾਮੁਖੀ ਸਿਖਲਾਈ ਸੰਸਥਾ, ਬਾਦਲ ਲਈ ਸਿਰਜੀਆਂ 37 ਸਥਾਈ ਅਸਾਮੀਆਂ ਦੇ ਵਿਰੁੱਧ ਕੰਮ ਕਰ ਰਹੇ 22 ਵਿਅਕਤੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਵਿੱਤ ਵਿਭਾਗ ਅਤੇ ਪਰਸੋਨਲ ਵਿਭਾਗ ਦੀ ਸਲਾਹ ਅਨੁਸਾਰ ਇਹ ਕਦਮ ਵਿਭਾਗ/ਸਰਕਾਰ ਨੂੰ ਲੰਬੇ ਸਮੇਂ ਤੋਂ ਦਰਪੇਸ਼ ਕਾਨੂੰਨੀ ਪੇਚੀਦਗੀਆਂ ਤੋਂ ਰਾਹਤ ਪਾਉਣ ਵਿਚ ਮਦਦ ਕਰੇਗਾ। ਇਸੇ ਤਰ੍ਹਾਂ ਇਹ ਕਦਮ ਸੰਸਥਾ ਵਿਚ ਕੰਮ ਕਰਨ ਵਾਲੇ ਇਨ੍ਹਾਂ 22 ਕਰਮਚਾਰੀਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ
ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿਚ ਸੋਧ ਕਰਕੇ ਓ.ਟੀ.ਐੱਸ. ਸਕੀਮ ਸ਼ੁਰੂ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਰਾਜ ਵਿਕਾਸ ਟੈਕਸ ਐਕਟ-2018 ਵਿਚ ਸੋਧ ਕਰਨ ਅਤੇ ਪੰਜਾਬ ਜੀ.ਐੱਸ.ਟੀ. ਐਕਟ ਵਿੱਚ 'ਤਨਖਾਹ' ਸ਼ਬਦ ਨੂੰ ਮੁੜ ਪਰਿਭਾਸ਼ਿਤ ਕਰਕੇ, ਟੈਕਸ ਦੇ ਅਧਾਰ ਨੂੰ ਵਸੀਹ ਕਰਕੇ ਅਤੇ ਵਿਆਪਕ ਦਾਇਰੇ ਨੂੰ ਯਕੀਨੀ ਬਣਾ ਕੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਲਈ ਵੀ ਸਹਿਮਤੀ ਦਿੱਤੀ। ਟੈਕਸਦਾਤਾ ਯਕਮੁਸ਼ਤ ਭੁਗਤਾਨ ਦੀ ਚੋਣ ਕਰ ਸਕਦੇ ਹਨ, ਜਿਸ ਨਾਲ ਪਾਲਣਾ ਨੂੰ ਸਰਲ ਬਣਾਇਆ ਜਾ ਸਕਦਾ ਹੈ ਅਤੇ ਉਗਰਾਹੀ ਦੀ ਪ੍ਰਕਿਰਿਆ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਧਾਰਾ-11ਏ, ਨਵੀਂ ਧਾਰਾ 11ਬੀ, 11ਸੀ ਅਤੇ 11ਡੀ ਸ਼ਾਮਲ ਕਰਕੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐੱਸ. ਨੂੰ ਵੀ ਸਹਿਮਤੀ ਦਿੱਤੀ ਗਈ ਤਾਂ ਕਿ ਮੌਤ, ਕੰਪਨੀ ਦੇ ਰਲੇਵੇਂ ਜਾਂ ਲਿਕੁਡੇਸ਼ਨ ਅਤੇ ਹੋਰ ਮਾਮਲਿਆਂ ਵਿਚ ਟੈਕਸ ਦੇਣਦਾਰੀ ਨੂੰ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e