ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ, ਵਧਾਏਗੀ ਨਵੀਂ ਪੈਨਸ਼ਨ ''ਚ ਹਿੱਸਾ

10/24/2019 9:41:42 PM

ਬਟਾਲਾ/ਚੰਡੀਗੜ੍ਹ,(ਅਸ਼ਵਨੀ): ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫੈਸਲੇ ਦੀ ਲੀਹ 'ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਲਿਆ ਜੋ ਭਾਰਤ ਸਰਕਾਰ ਦੇ ਵਿਤ ਵਿਭਾਗ ਮੰਤਰਾਲੇ ਦੇ ਵਿਤੀ ਸੇਵਾਵਾਂ ਬਾਰੇ ਵਿਭਾਗ ਵਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ। ਇਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨ੍ਹਾਂ 'ਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ। ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ 'ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਦੀ ਇਜਾਜ਼ਤ ਦੇਣ ਸਬੰਧੀ ਕੀਤੀ ਬੇਨਤੀ 'ਤੇ ਵਿੱਤ ਵਿਭਾਗ ਵਲੋਂ ਚੁੱਕੇ ਗਏ ਕਦਮਾਂ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।


Related News