ਕੈਂਪ ਦੌਰਾਨ 1400 ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ : ਡੀ. ਸੀ. ਪਰਾਸ਼ਰ
Sunday, Feb 25, 2018 - 12:43 PM (IST)
ਫ਼ਰੀਦਕੋਟ/ਕੋਟਕਪੂਰਾ (ਹਾਲੀ, ਨਰਿੰਦਰ)-ਪੰਜਾਬ ਸਰਕਾਰ ਦੇ 'ਘਰ-ਘਰ ਨੌਕਰੀ' ਪ੍ਰੋਗਰਾਮ ਤਹਿਤ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਗਾਂਧੀ ਗਰਲਜ਼ ਕਾਲਜ, ਕੋਟਕਪੂਰਾ ਵਿਚ ਜ਼ਿਲਾ ਪੱਧਰੀ ਰੋਜ਼ਗਾਰ ਮੇਲਾ ਲਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਅਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਵੱਲੋਂ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕੇਸ਼ਵ ਹਿੰਗੋਨੀਆ ਅਤੇ ਐੱਸ. ਡੀ. ਐੱਮ. ਕੋਟਕਪੂਰਾ ਡਾ. ਮਨਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਸ ਰੋਜ਼ਗਾਰ ਮੇਲੇ ਮੌਕੇ 22 ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 486 ਨੌਜਵਾਨ ਲੜਕੇ ਅਤੇ ਲੜਕੀਆਂ ਦੀ ਪਲੇਸਮੈਂਟ ਲਈ ਚੋਣ ਕੀਤੀ ਗਈ। ਇਸ ਸਮੇਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿਚ 486 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਹੁਣ ਤੱਕ 3 ਰੋਜ਼ਗਾਰ ਮੇਲਿਆਂ ਦੌਰਾਨ ਕਰੀਬ 1400 ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਤੇ ਵੱਖ-ਵੱਖ ਕੰਪਨੀਆਂ ਵਿਚ ਪਲੇਸਮੈਂਟ ਕਰਵਾਈ ਗਈ ਹੈ ਅਤੇ ਦੋ ਹੋਰ ਜ਼ਿਲਾ ਪੱਧਰੀ ਰੋਜ਼ਗਾਰ ਮੇਲੇ ਫਰੀਦਕੋਟ ਵਿਖੇ 26 ਫ਼ਰਵਰੀ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ ਅਤੇ 5 ਮਾਰਚ ਨੂੰ ਸਰਕਾਰੀ ਰਿਜਨਲ ਕਾਲਜ ਕੈਂਪਸ, ਜੈਤੋ ਵਿਖੇ ਲਾਇਆ ਜਾਵੇਗਾ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੇਲਿਆਂ 'ਚ ਸ਼ਾਮਲ ਹੋ ਕੇ ਉਹ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਮੈਨੇਜਰ ਅਮਿਤ ਗੋਇਲ ਨੇ ਦੱਸਿਆ ਕਿ ਮੇਲੇ ਦੌਰਾਨ 1742 ਪ੍ਰਾਰਥੀਆਂ ਵੱਲੋਂ ਆਪਣੀ ਰਜਿਸਟਰੇਸ਼ਨ ਕਰਵਾਈ ਗਈ। ਮੇਲੇ 'ਚ ਹਿੱਸਾ ਲੈਣ ਵਾਲੇ ਨੌਜਵਾਨਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਖਾਣੇ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਸੀ।