ਨਾ ਰਿਸ਼ਵਤ ਨਾ ਸਿਫਾਰਿਸ਼, ਮੈਰਿਟ ਦੇ ਆਧਾਰ ''ਤੇ ਨੌਕਰੀਆਂ ਦੇ ਰਹੀ ਪੰਜਾਬ ਸਰਕਾਰ
Monday, Oct 07, 2024 - 04:33 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 30 ਮਹੀਨਿਆਂ ਵਿਚ ਹੀ 45 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ ਨੌਜਵਾਨ ਦੇਪੈਰਾਂ ਸਿਰ ਖੜ੍ਹੇ ਹੋ ਰਹੇ ਹਨ ਸਗੋਂ ਉਨ੍ਹਾਂ ਦੇ ਜੀਵਨ ਪੱਧਰ ਵੀ ਉੱਚਾ ਹੋ ਰਿਹਾ ਹੈ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਧੜਾ-ਧੜ ਨੌਕਰੀਆਂ ਦੇ ਚੱਲਦੇ ਨੌਜਵਾਨਾਂ ਦਾ ਪ੍ਰਵਾਸ ਵੀ ਰੁਕਿਆ ਹੈ। ਹੁਣ ਨੌਜਵਾਨਾਂ ਨੂੰ ਨੌਕਰੀ ਲਈ ਨਾ ਤਾਂ ਰਿਸ਼ਵਤ ਦੇਣੀ ਪੈਂਦੀ ਹੈ ਅਤੇ ਨਾ ਹੀ ਕਿਸੇ ਵੱਡੀ ਸ਼ਖਸੀਅਤ ਦੀ ਸਿਫਾਰਿਸ਼ ਦੀ ਲੋੜ ਹੈ, ਸਗੋਂ ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਦਮ 'ਤੇ ਸਰਕਾਰ ਨੌਕਰੀ ਦੇ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਹਰ ਵਿਭਾਗ ਵਿਚ ਖਾਲ੍ਹੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 45 ਹਜ਼ਾਰ ਦੇ ਕਰੀਬ ਨਿਯੁਕਤੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ। ਇਹ ਹੋਰ ਵੀ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।