ਪੰਜਾਬ ਸਰਕਾਰ ਖਿਲਾਫ ਹਾਈਕੋਰਟ ਜਾਣਗੇ ਕਿਸਾਨ
Monday, Oct 15, 2018 - 12:47 PM (IST)

ਨਾਭਾ (ਰਾਹੁਲ ਖੁਰਾਣਾ) : ਪਰਾਲੀ ਸਾੜਨ ਦੇ ਮਾਮਲੇ ਵਿਚ ਕਿਸਾਨਾਂ ਵਲੋਂ ਸੋਮਵਾਰ ਨੂੰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ, ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਪਰਚਿਆਂ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਨਾ ਸਾੜਨ ਦੇ ਹੁਕਮ ਤਾਂ ਜਾਰੀ ਕਰ ਦਿੰਦੀ ਹੈ ਪਰ ਉਨ੍ਹਾਂ ਨੂੰ ਅਜੇ ਤੱਕ ਮਸ਼ੀਨਰੀ ਮੁਹੱਈਆ ਨਹੀਂ ਕਰਵਾ ਸਕੀ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨੀ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਨੇ ਕਿਹਾ ਕਿ ਉਹ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਨ ਜਾ ਰਹੇ ਹਨ ਕਿ ਸਰਕਾਰ ਸਾਨੂੰ ਮਸ਼ੀਨਰੀ ਮੁਹੱਈਆ ਕਰਵਾਏ ਨਾ ਕਿ ਕਿਸਾਨਾਂ 'ਤੇ ਪਰਚੇ ਦਰਜ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਰਾਲੀ ਇਕੱਠਾ ਕਰਨ ਲਈ ਆਪ ਖਰਚਾ ਨਹੀਂ ਚੁੱਕ ਸਕਦਾ ਜਿਸ ਦੇ ਸੰਬੰਧ ਵਿਚ ਅਸੀਂ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ ਪਰ ਅਸੀਂ ਪੰਜਾਬ ਸਰਕਾਰ ਖਿਲਾਫ ਮਸ਼ੀਨਰੀ ਮੁਹੱਈਆ ਨਾ ਕਰਵਾਉਣ ਦੀ ਸੂਰਤ ਵਿਚ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਾਂਗੇ।