ਪੰਜਾਬ ਸਰਕਾਰ ਵਿਲੱਖਣ ਤਰੀਕੇ ਨਾਲ ਮਨਾਏਗੀ ਕੌਮਾਂਤਰੀ ਮਹਿਲਾ ਦਿਵਸ

03/06/2020 8:22:20 PM

ਚੰਡੀਗੜ੍ਹ : ਸਮਾਜ 'ਚ ਔਰਤਾਂ ਨੂੰ ਵਧੇਰੇ ਸਮਰੱਥ ਵਧਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਸਰਕਾਰ ਨੇ ਦੇਸ਼ 'ਚ ਪਹਿਲੀ ਦਫ਼ਾ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ। ਹਨੇਰਾ ਹੋਣ ਪਿੱਛੋਂ ਔਰਤਾਂ ਤੇ ਬੱਚਿਆਂ ਦੇ ਘਰਾਂ ਵਿੱਚ ਹੀ ਰਹਿਣ ਵਰਗੀਆਂ ਰੂੜੀਵਾਦੀ ਰਵਾਇਤਾਂ ਨੂੰ ਚੁਣੌਤੀ ਦਿੰਦਿਆਂ ਸਰਕਾਰ 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਹਰੇਕ ਜ਼ਿਲ੍ਹੇ ਵਿੱਚ ਮੁੱਖ ਸੜਕ ਦਾ ਇਕ ਹਿੱਸਾ ਸ਼ਾਮੀਂ 7 ਤੋਂ ਰਾਤੀਂ 1 ਵਜੇ ਤੱਕ ਔਰਤਾਂ ਤੇ ਲੜਕੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਲਈ ਰਾਖਵਾਂ ਰੱਖੇਗੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਸੜਕਾਂ ਤੇ ਗਲੀਆਂ ਨੂੰ ਔਰਤਾਂ ਤੇ ਲੜਕੀਆਂ ਲਈ ਸੁਰੱਖਿਅਤ ਬਣਾਉਣ ਅਤੇ ਆਰਥਿਕ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਵਧਾਉਣ ਦੀ ਇੱਛੁਕ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਿਰਫ਼ ਇਸ ਕਾਰਨ ਹੀ ਰੋਜ਼ਗਾਰ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ ਕਿ ਉਹ ਹਨੇਰਾ ਹੋਣ ਮਗਰੋਂ ਸਫ਼ਰ ਨਹੀਂ ਕਰ ਸਕਦੀਆਂ। ਇਸ ਲਈ ਵਿਭਾਗ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਜਨਤਕ ਥਾਵਾਂ ਉਤੇ ਔਰਤਾਂ ਦੀ ਦਾਅਵੇਦਾਰੀ ਜਤਾਉਣ ਦੀ ਕੋਸ਼ਿਸ਼ ਦੇ ਨਵੇਂ ਤਰੀਕੇ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਦਿਨ ਸ਼ਾਮੀਂ 7 ਤੋਂ 1 ਵਜੇ ਤੱਕ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ ਅਤੇ ਵੱਡੇ ਸ਼ਹਿਰਾਂ 'ਚ ਕਿਸੇ ਇਕ ਮੁੱਖ ਸੜਕ ਦਾ 6 ਕਿਲੋਮੀਟਰ ਹਿੱਸਾ ਔਰਤਾਂ ਤੇ ਲੜਕੀਆਂ ਲਈ ਰਾਖਵਾਂ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਉਤੇ ਦੌੜ, ਪੈਦਲ ਚਾਲ, ਸਾਇਕਲਿੰਗ, ਉਦੇਸ਼ ਪੂਰਤੀ ਲਈ ਨ੍ਰਿਤ, ਮਨੁੱਖੀ ਲੜੀ, ਦਸਤਖ਼ਤ ਮੁਹਿੰਮ ਚਲਾ ਕੇ ਅਜਿਹਾ ਸਮਾਜ ਸਿਰਜਣ ਦੀ ਲੋੜ ਉਤੇ ਜ਼ੋਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸੇ ਲੜਕੀ ਜਾਂ ਔਰਤ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਜਾਂ ਹਮਲੇ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪੂਰੀ ਤਰ੍ਹਾਂ ਸ਼ਿੰਗਾਰੀਆਂ ਇਨ੍ਹਾਂ ਸੜਕਾਂ 'ਤੇ ਮਹਿਲਾ ਉੱਦਮੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਤੋਂ ਇਲਾਵਾ ਫੂਡ ਸਟਾਲ ਵੀ ਲਾਏ ਜਾਣਗੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜੇ ਹਨੇਰਾ ਹੋਣ ਮਗਰੋਂ ਕੰਮ, ਮਨੋਰੰਜਨ ਜਾਂ ਕਿਸੇ ਹੋਰ ਮੰਤਵ ਲਈ ਕੁੱਝ ਔਰਤਾਂ ਗਲੀਆਂ ਜਾਂ ਸੜਕਾਂ ਉਤੇ ਨਿਕਲਦੀਆਂ ਹਨ ਤਾਂ ਇਸ ਨਾਲ ਹੋਰ ਔਰਤਾਂ ਨੂੰ ਵੀ ਜਨਤਕ ਥਾਵਾਂ ਉਤੇ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਵਿਚਰਨ ਲਈ ਉਤਸ਼ਾਹਤ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜੇ ਅਜਿਹੀਆਂ ਗਤੀਵਿਧੀਆਂ ਬਾਕਾਇਦਾ ਆਧਾਰ ਉਤੇ ਕਰਵਾਈਆਂ ਜਾਣ ਤਾਂ ਇਸ ਨਾਲ ਔਰਤਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ, ਐਸ. ਐਸ. ਪੀਜ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਿਹਤ, ਸਿੱਖਿਆ, ਸ਼ਹਿਰੀ ਵਿਕਾਸ ਤੇ ਸਥਾਨਕ ਸਰਕਾਰਾਂ ਬਾਰੇ ਮਹਿਕਮਿਆਂ ਦੇ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ 'ਚ ਔਰਤਾਂ ਤੇ ਲੜਕੀਆਂ ਦੀ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਸਿੱਖਿਆ ਸੰਸਥਾਵਾਂ, ਪ੍ਰਾਈਵੇਟ ਅਦਾਰਿਆਂ ਦੀਆਂ ਮੁਲਾਜ਼ਮਾਂ, ਕਾਲ ਸੈਂਟਰਾਂ ਦੇ ਸਟਾਫ਼, ਡਾਕਟਰਾਂ, ਇੰਜਨੀਅਰਾਂ, ਅਧਿਆਪਕਾਂ ਤੇ ਸਮਾਜ ਲਈ ਹੋਰ ਆਦਰਸ਼ ਹਸਤੀਆਂ ਦੀ ਇਨ੍ਹਾਂ ਪ੍ਰੋਗਰਾਮਾਂ 'ਚ ਸ਼ਮੂਲੀਅਤ ਯਕੀਨੀ ਬਣਾਉਣ।

ਉਨ੍ਹਾਂ ਆਪਣੇ ਵਿਭਾਗ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਪੂਰੇ ਪ੍ਰੋਗਰਾਮ ਦਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਉਤੇ ਸਿੱਧਾ ਪ੍ਰਸਾਰਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਸਬੰਧਤ ਮੰਤਰੀਆਂ, ਵਿਧਾਇਕਾਂ ਤੇ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਹੋਣਗੀਆਂ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਪੁਰਸ਼ ਸਬੰਧਤ ਸੜਕ ਦੇ ਦੋਵਾਂ ਹਿੱਸਿਆਂ ਉਤੇ ਹਾਜ਼ਰ ਹੋਣਗੇ। ਉਹ ਸਮਾਜ ਨੂੰ ਲਿੰਗਕ ਪੱਖੋਂ ਵੱਧ ਸੰਵੇਦਨਸ਼ੀਲ ਅਤੇ ਔਰਤਾਂ ਲਈ ਸੁਰੱਖਿਅਤ ਮਾਹੌਲ ਬਣਾਉਣ ਲਈ ਯੋਗਦਾਨ ਪਾਉਣ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਔਰਤਾਂ ਦੀ ਸੁਰੱਖਿਆ ਤੇ ਮਾਣ-ਸਨਮਾਨ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਗਏ ਹਨ ਤਾਂ ਕਿ ਲਿੰਗਕ ਪੱਖੋਂ ਸਮਾਨਤਾ ਵਾਲਾ ਸਮਾਜ ਸਿਰਜਿਆ ਜਾ ਸਕੇ। ਇਸ ਦਿਸ਼ਾ ਵਿੱਚ ਸਭ ਤੋਂ ਅਹਿਮ ਕਦਮ ਜਨਤਕ ਥਾਵਾਂ ਤੇ ਜਨਤਕ ਟਰਾਂਸਪੋਰਟ ਨੂੰ ਔਰਤਾਂ ਲਈ ਸੁਰੱਖਿਅਤ ਬਣਾਉਣਾ ਹੈ।


Related News