ਪੰਜਾਬ ਸਰਕਾਰ ਆਧੁਨਿਕ ਤਕਨੀਕ ਨਾਲ ਕਰੇਗੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ
Friday, Sep 23, 2022 - 04:51 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਆਧੁਨਿਕ ਤਕਨੀਕ ਨਾਲ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 351.17 ਲੱਖ ਰੁਪਏ ਖਰਚਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਡਾ. ਨਿੱਜਰ ਨੇ ਦੱਸਿਆ ਕਿ ਸੂਬੇ ਵਿਚ ਪਾਇਲ, ਰਾਏਕੋਟ ਵਿਖੇ ਕੁੜੇ ਅਤੇ ਠੋਸ ਰਹਿੰਦ-ਖੂੰਹਦ ਦੀ ਸਮਸਿੱਆਵਾਂ ਤੋਂ ਨਿਜ਼ਾਤ ਪਾਉਣ ਤੋਂ ਇਲਾਵਾ ਸਮਰਾਲਾ ਅਤੇ ਜਗਰਾਓਂ ਵਿਖੇ ਵੀ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਹੀ ਮਲੋਟ ਨੂੰ ਵੀ ਇਸ ਫੈਸਲੇ ਅਧੀਨ ਸੁੰਦਰ ਬਣਾਇਆ ਜਾਵੇਗਾ। ਮੰਤਰੀ ਨੇ ਦੱਸਿਆ ਕਿ ਆਧੁਨਿਕ ਤਕਨੀਕ ਨਾਲ ਠੋਸ ਰਹਿੰਦ-ਖੂੰਹਦ ਅਤੇ ਕੂੜੇ ਦੀਆਂ ਸਾਈਟਾਂ ’ਤੇ ਨਿਪਟਾਰਾ ਕਰਨ ਨਾਲ ਇਕ ਤਾਂ ਵਾਤਾਵਾਰਣ ਸ਼ੁੱਧ ਹੋਵੇਗਾ ਅਤੇ ਦੂਜੇ ਲੋਕਾਂ ਵਿਚ ਫੈਲਣ ਵਾਲੀਆਂ ਕਈ ਭਿਆਨਕ ਬੀਮਾਰੀਆਂ ਨੂੰ ਰੋਕਣ ਵਿੱਚ ਸਹਾਇਤਾ ਮਿਲੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।