ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ ''ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
Thursday, Jun 26, 2025 - 10:56 AM (IST)

ਚੰਡੀਗੜ੍ਹ : ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ ਕਰਨੇ ਕੀਤੇ ਸ਼ੁਰੂ
ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਖੁੱਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਕੰਟਰੋਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਘਰ ਵੱਡੀ ਰੇਡ, 29 ਮੋਬਾਇਲਾਂ ਸਣੇ ਜਾਣੋ ਕੀ ਕੁਝ ਹੋਇਆ ਬਰਾਮਦ
ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜ਼ਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚੱਲਦਿਆਂ 2 ਐੱਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 49 ਗੁਣਵੱਤਾ ਮਾਪਦੰਡਾਂ 'ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਸੂਬੇ ਵਿਚ ਚੱਲ ਰਹੀ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e