ਸ਼ਹੀਦਾਂ ਦੇ ਪਰਿਵਾਰਾਂ ਦਾ ਸਹਾਰਾ ਬਣੀ ਪੰਜਾਬ ਸਰਕਾਰ
Tuesday, Oct 08, 2024 - 05:01 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਜੰਗ/ਸਰਹੱਦ 'ਤੇ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਡਾ ਕਦਮ ਚੁੱਕਦਿਆਂ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਮੁੱਖ ਮੰਤਰੀ ਆਪ ਸ਼ਹੀਦ ਜਵਾਨ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪ ਕੇ ਆਉਂਦੇ ਹਨ। ਇਸ ਦੇ ਨਾਲ ਹੀ ਪਰਿਵਾਰ ਦੀ ਹੋਰ ਵੀ ਕੋਈ ਮੰਗ ਹੋਵੇ ਤਾਂ ਉਸ ਬਾਰੇ ਵੀ ਤੁਰੰਤ ਐਲਾਨ ਕੀਤਾ ਜਾਂਦਾ ਹੈ।
ਇਸ ਯੋਜਨਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਸ ਬਲ ਵਿਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਜਾਨ ਵਾਰੀ ਸੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐੱਚ.ਡੀ.ਐੱਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।