ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਇਆ ਜਾਵੇਗਾ ਕਣਕ ਦਾ ਬੀਜ
Thursday, Aug 29, 2019 - 09:20 PM (IST)
ਲੁਧਿਆਣਾ,(ਸਲੂਜਾ): ਹੜ੍ਹਾਂ ਕਾਰਨ ਜਿਹੜੇ ਕਿਸਾਨਾਂ ਦੀਆਂ ਫਸਲਾਂ 100 ਫੀਸਦੀ ਖਰਾਬ ਹੋਈਆਂ ਹਨ, ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਕਣਕ ਦਾ ਬੀਜ ਬਿਲਕੁਲ ਮੁਫ਼ਤ ਮੁਹੱਈਆ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕੇ ਦੇ ਕਿਸਾਨਾਂ ਲਈ ਖੇਤੀਬਾੜੀ ਨਾਲ ਸੰਬੰਧਤ ਸਲਾਹਾਂ ਜਾਰੀ ਕਰਨ ਬਾਰੇ ਵੀ ਹਦਾਇਤ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਸਿੰਘ ਨੇ ਦੱਸਿਆ ਕਿ ਵਿੱਤ ਕਮਿਸ਼ਨਰ (ਵਿਕਾਸ) ਵਿਸ਼ਵਜੀਤ ਖੰਨਾ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਫੈਸਲਾ ਲਿਆ ਗਿਆ ਹੈ ਕਿ ਹੜ੍ਹਾਂ ਕਾਰਨ ਜਿਹੜੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖਰਾਬ ਹੋ ਗਈਆਂ ਹਨ। ਉਨ੍ਹਾਂ ਨੂੰ ਆਗਾਮੀ ਕਣਕ ਦੀ ਬਿਜਾਈ ਲਈ ਸਾਰਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਸਾਰੇ ਕਿਸਾਨਾਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਤਰਜੀਹੀ ਤੌਰ ’ਤੇ ਦਿੱਤਾ ਜਾਵੇਗਾ।
ਪ੍ਰਭਾਵਿਤ ਕਿਸਾਨਾਂ ਲਈ ਸਲਾਹ ਜਾਰੀ ਕਰਦਿਆਂ ਡਾ. ਬਲਦੇਵ ਸਿੰਘ ਨੇ ਕਿਹਾ ਕਿ ਜਿਹੜੇ ਖੇਤਾਂ ’ਚ ਹੜ੍ਹਾਂ ਦਾ ਪਾਣੀ ਸੁੱਕ ਗਿਆ ਹੈ। ਉਨ੍ਹਾਂ ਖੇਤਾਂ ’ਚ ਕਿਸਾਨ ਸਤੰਬਰ ਮਹੀਨੇ ’ਚ ਤੋਰੀਆਂ ਜਾਂ ਗੋਭੀ ਸਰੋਂ ਦੀ ਫਸਲ ਲਗਾ ਸਕਦੇ ਹਨ। ਇਹ ਦੋਵੇਂ ਫ਼ਸਲਾਂ 80-90 ਦਿਨਾਂ ’ਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ, ਜਿਸ ਉਉਪਰੰਤ ਨਵੰਬਰ ਮਹੀਨੇ ’ਚ ਕਣਕ ਦੀ ਫਸਲ ਬੀਜੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਖੇਤਾਂ ’ਚ ਸਿਲਟਿੰਗ (ਰੇਤਾ ਜਾਂ ਗਾਰ ਭਰ ਜਾਣਾ) ਹੋ ਗਈ ਹੈ ਜਾਂ ਬੁੱਢੇ ਨਾਲੇ ਦਾ ਪਾਣੀ ਸਮਾਅ ਗਿਆ ਹੈ, ਉਉਹ ਕਿਸਾਨ ਵਿਭਾਗ ਨਾਲ ਤੁਰੰਤ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੇ ਖੇਤਾਂ ਦੀ ਮਿੱਟੀ ਦੀ ਜਾਂਚ ਕਰਵਾਈ ਜਾ ਸਕੇ। ਵਿਭਾਗ ਵਲੋਂ ਮਿੱਟੀ ਦੀ ਜਾਂਚ ’ਚ ਤੇਜ਼ੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ ਕਿਸਾਨਾਂ ਨਾਲ ਖੁਦ ਵੀ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਹੜ੍ਹਾਂ ਉਉਪਰੰਤ ਫਸਲ ਨੂੰ ਵੱਖਰੀ ਤਰ੍ਹਾਂ ਦੇ ਕੀੜੇ ਪੈ ਜਾਂਦੇ ਹਨ। ਜਿਸ ਸੰਬੰਧੀ ਵੀ ਕਿਸਾਨਾਂ ਨੂੰ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਇਸ ਮੁਸ਼ਕਿਲ ਦੀ ਘੜੀ ’ਚ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।