ਪੰਜਾਬ ਦੇ ਇਸ ਜ਼ਿਲ੍ਹੇ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

Friday, Nov 22, 2024 - 05:31 PM (IST)

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲਸ, ਹਥਿਆਰਬੰਦ ਬਲਾਂ ਅਤੇ ਸੀ. ਏ. ਪੀ. ਐੱਫ. ਵਿਚ ਰੁਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਸੈਂਟਰ ਆਫ਼ ਇੰਪਲਾਇਮੈਂਟ ਜੈਨਰੇਸ਼ਨ ਐਂਡ ਟਰੇਨਿੰਗ ਦੇ ਕਾਰਜਕਾਰੀ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਮੌਜੂਦਾ ਸਮੇਂ ਪੰਜਾਬ ਵਿਚ 14 ਸੀ-ਪਾਈਟ ਕੈਂਪ ਚੱਲ ਰਹੇ ਹਨ ਅਤੇ ਪਠਾਨਕੋਟ ਜ਼ਿਲ੍ਹੇ ਦੇ ਤੰਗੋ ਸ਼ਾਹ ਵਿਖੇ ਇਕ ਨਵਾਂ ਕੈਂਪ ਬਣਾਇਆ ਜਾਵੇਗਾ, ਜਿਸ ਲਈ 5.5 ਏਕੜ ਜ਼ਮੀਨ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀ-ਪਾਈਟ ਕੈਂਪਾਂ ਵਿਚ ਹੁਣ ਤੱਕ 2,57,595 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ 1,14,861 ਨੌਜਵਾਨਾਂ ਨੂੰ ਰੁਜ਼ਗਾਰ ਮਿਲ ਚੁੱਕਾ ਹੈ। ਕਾਰਜਕਾਰੀ ਬੋਰਡ ਵੱਲੋਂ ਸੀ-ਪਾਈਟ ਦੇ ਸਿਲੇਬਸ ਵਿਚ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐੱਨ.ਐੱਸ. ਡੀ. ਸੀ.) ਪ੍ਰਮਾਣਿਤ ਸੁਰੱਖਿਆ ਗਾਰਡ ਸਿਖਲਾਈ ਦੀ ਸ਼ੁਰੂਆਤ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਿਖਲਾਈ ਟਰੇਨਿੰਗ ਪਾਰਟਨਰ ਰਾਹੀਂ ਦਿੱਤੀ ਜਾਵੇਗੀ ਅਤੇ ਸੀ-ਪਾਈਟ ਯੋਗਤਾ ਪ੍ਰਾਪਤ ਨੌਜਵਾਨਾਂ ਦੀ ਪਲੇਸਮੈਂਟ ਲਈ ਪੈਸਕੋ ਨਾਲ ਸਮਝੌਤਾ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੀ. ਆਰ. ਪੀ. ਐੱਫ. ਤਾਇਨਾਤ

PunjabKesari

ਇਸ ਮੀਟਿੰਗ ਵਿਚ ਲਏ ਗਏ ਇਕ ਹੋਰ ਅਹਿਮ ਫ਼ੈਸਲੇ ਬਾਰੇ ਦੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਸੀ-ਪਾਈਟ ਕੈਂਪਾਂ ਵਿਚ ਪ੍ਰਸਨੈਲਿਟੀ ਡਿਵੈੱਲਪਮੈਂਟ ਅਤੇ ਸਾਫ਼ਟ ਸਕਿੱਲ ਦੀ ਕੋਚਿੰਗ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਨੌਜਵਾਨਾਂ ਦੀ ਰੁਜ਼ਗਾਰ ਸਮਰੱਥਾ ਨੂੰ ਹੋਰ ਨਿਖਾਰਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇਹ ਕਦਮ ਨੌਜਵਾਨਾਂ ਵਿਚ ਇਮਾਨਦਾਰੀ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਇਕਾਗਰਤਾ ਨੂੰ ਹੋਰ ਵਿਕਸਤ ਕਰਨ ਵਿਚ ਮਦਦ ਕਰੇਗਾ। ਇਸ ਤੋਂ ਇਲਾਵਾ ਇਹ ਕੋਚਿੰਗ ਨੌਜਵਾਨਾਂ ਨੂੰ ਬਿਹਤਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰੇਗੀ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀ-ਪਾਈਟ ਕੈਂਪ ਨੌਜਵਾਨਾਂ ਵਿਚ ਅਨੁਸ਼ਾਸਨ, ਸਮਾਜਿਕ ਸਰੋਕਾਰ ਅਤੇ ਰਾਸ਼ਟਰ ਨਿਰਮਾਣ ਸਮੇਤ ਹੋਰ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਪੁਲਸ, ਪੈਰਾ-ਮਿਲਟਰੀ ਫੋਰਸਿਜ਼ ਅਤੇ ਹੋਰ ਉਦਯੋਗਿਕ ਖੇਤਰਾਂ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਵੀ ਸਿਖਲਾਈ ਦੇ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਖ਼ੁਸ਼ਖ਼ਬਰੀ, ਅਨਾਜ ਮਿਲਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਪੰਜਾਬ ਦੇ ਨੌਜਵਾਨਾਂ ਦੀ ਸਿਖਲਾਈ ਨੂੰ ਹੋਰ ਸੁਚਾਰੂ ਨਾਲ ਚਲਾਉਣ ਅਤੇ ਸਮੇਂ ਦੇ ਹਾਣ ਦਾ ਬਣਾਉਣ ਵਿਚ ਮਦਦ ਮਿਲੇਗੀ। ਇਸ ਮੀਟਿੰਗ ਵਿਚ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News