ਪੰਜਾਬ ਸਰਕਾਰ ਦੀ ਅਪੀਲ, ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਅਪਨਾਉਣ ਕਿਸਾਨ

Monday, Sep 16, 2019 - 09:56 AM (IST)

ਪੰਜਾਬ ਸਰਕਾਰ ਦੀ ਅਪੀਲ, ਗੁਰੂ ਨਾਨਕ ਸਾਹਿਬ ਦੇ ਸੰਦੇਸ਼ ਨੂੰ ਅਪਨਾਉਣ ਕਿਸਾਨ

ਚੰਡੀਗੜ੍ਹ : ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੇ ਸਤਿਕਾਰ ਵਿੱਚ ਗੁਰੂ ਸਾਹਿਬ ਵੱਲੋਂ ਬੇਸ਼ਕੀਮਤੀ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ। ਝੋਨੇ ਦੀ ਪਰਾਲੀ ਸਾੜਨ ਨਾਲ ਮਿੱਟੀ, ਕੁਦਰਤੀ ਵਾਤਾਵਰਣ ਅਤੇ ਮਨੁੱਖੀ ਸਿਹਤ 'ਤੇ ਪੈਂਦੇ ਮਾਰੂ ਪ੍ਰਭਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਨਗਰ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਹਫ਼ਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਵੀ ਕਿਸਾਨਾਂ ਨੂੰ ਕੁਦਰਤੀ ਵਸੀਲਿਆਂ ਦੀ ਸੰਭਾਲ ਬਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾ ਕੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ।
ਪਰਾਲੀ ਸਾੜਣ ਦੇ ਮਾਰੂ ਨਤੀਜਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਪ੍ਰਤੀ ਹੈਕਟੇਅਰ 30 ਕਿਲੋ ਨਾਈਟ੍ਰੋਜਨ, 13.8 ਕਿਲੋ ਫਾਸਫੋਰਸ, 30 ਕਿਲੋ ਪੋਟਾਸ਼, 6.48 ਕਿਲੋ ਸਲਫਰ ਅਤੇ 2400 ਕਿਲੋ ਕਾਰਬਨ ਸੜ ਕੇ ਤਬਾਹ ਹੋ ਜਾਣ ਅਤੇ ਮਿੱਤਰ ਕੀੜਿਆਂ ਦੇ ਮਾਰੇ ਜਾਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ।
ਇਸੇ ਦੌਰਾਨ ਸ੍ਰੀ ਪੰਨੂੰ ਨੇ ਹਾਲ ਹੀ ਵਿੱਚ ਨਵੀਂ ਦਿੱਲੀ ਵਿਖੇ ਹੋਈ ਕੌਮੀ ਕਾਨਫਰੰਸ ਮੌਕੇ ਭਾਰਤ ਸਰਕਾਰ ਵੱਲੋਂ ਫਸਲ ਦੀ ਰਹਿੰਦ-ਖੂੰਹਦ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਸਨਮਾਨਿਤ ਕੀਤੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਬਾਕੀ ਸਾਰੇ ਕਿਸਾਨਾਂ ਵੀ ਨਿਵੇਕਲੀ ਪਹੁੰਚ ਰੱਖਣ ਵਾਲੇ ਇਨ੍ਹਾਂ ਕਿਸਾਨਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੱਦਾ ਦਿੱਤਾ ਤਾਂ ਕਿ ਪੰਜਾਬ ਨੂੰ 'ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ' ਬਣਾਇਆ ਜਾ ਸਕੇ।


author

Babita

Content Editor

Related News