ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ

Thursday, Nov 14, 2019 - 10:30 AM (IST)

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਫੈਸਲਾ

ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ 5 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ, ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਸ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ 'ਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ ਅਤੇ ਖੇਤ ਦੇ ਕਿਸੇ ਵੀ ਹਿੱਸੇ 'ਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ। ਇਹ ਮੁਆਵਜ਼ਾ ਹਾਸਲ ਕਰਨ ਸਬੰਧੀ ਪੰਨੂੰ ਨੇ ਦੱਸਿਆ ਕਿ ਉਕਤ ਸ਼ਰਤਾਂ ਪੂਰੀਆਂ ਕਰਦੇ ਕਿਸਾਨ ਪਰਿਵਾਰ ਦੇ ਮੁਖੀ ਵੱਲੋਂ ਪਿੰਡ ਦੀ ਪੰਚਾਇਤ ਕੋਲ ਉਪਲਬਧ ਸਵੈ-ਘੋਸ਼ਣਾ ਪੱਤਰ 'ਚ ਮੰਗੀ ਗਈ ਜਾਣਕਾਰੀ ਭਰ ਕੇ 30 ਨਵੰਬਰ, 2019 ਤੱਕ ਪੰਚਾਇਤ ਨੂੰ ਦਿੱਤੀ ਜਾਵੇ, ਜਿਸ ਦੀ ਤਸਦੀਕ ਕਰਨ ਉਪਰੰਤ ਮੁਆਵਜ਼ੇ ਦੀ ਰਾਸ਼ੀ ਯੋਗ ਕਿਸਾਨ ਦੇ ਖਾਤੇ 'ਚ ਆਵੇਗੀ।


author

shivani attri

Content Editor

Related News