ਨੰਬਰਦਾਰਾਂ ਦੀ ਹੁਣ ਹੋਵੇਗੀ ਟੌਹਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ

02/19/2020 9:07:26 AM

ਜਲੰਧਰ/ਚੰਡੀਗੜ੍ਹ, (ਮਹੇਸ਼, ਰਮਨਜੀਤ)— ਪੰਜਾਬ ਸਰਕਾਰ ਨੇ ਸੂਬੇ ਦੇ ਨੰਬਰਦਾਰਾਂ ਦਾ ਮਾਣ-ਭੱਤਾ 1500 ਰੁਪਏ ਤੋਂ ਵਧਾ ਕੇ 2000 ਰੁਪਏ ਕਰ ਦਿੱਤਾ ਹੈ। ਇਹ ਐਲਾਨ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਹਾਜ਼ਰੀ ਵਿਚ ਕੀਤਾ।

ਇਸ ਦੇ ਨਾਲ ਹੀ ਮਾਲ ਮੰਤਰੀ ਵਲੋਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸ. ਡੀ. ਐੱਮਜ਼ ਨੂੰ ਇਹ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਕਿ ਨੰਬਰਦਾਰਾਂ ਦੇ ਬੈਠਣ ਲਈ ਜ਼ਿਲਾ ਅਤੇ ਤਹਿਸੀਲ ਪੱਧਰ 'ਤੇ ਉਨ੍ਹਾਂ ਨੂੰ ਜਲਦੀ ਕਮਰੇ ਅਲਾਟ ਕੀਤੇ ਜਾਣ।

ਇਸ ਦਾ ਐਲਾਨ ਹੋਣ 'ਤੇ ਸੂਬੇ ਦੇ ਨੰਬਰਦਾਰ ਭਰਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੰਜਾਬ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ। ਪੰਜਾਬ ਪ੍ਰਧਾਨ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਚੌਥੇ ਤੋਹਫੇ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ। ਸੂਬਾ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਾਲ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਨੰਬਰਦਾਰਾਂ ਦੀਆਂ ਬਾਕੀ ਲਟਕ ਰਹੀਆਂ ਮੰਗਾਂ ਜੱਦੀ-ਪੁਸ਼ਤੀ ਨੰਬਰਦਾਰੀ ਕਰਨਾ, ਸੂਬਾ ਪ੍ਰਧਾਨ ਦੀ ਸਿਫਾਰਿਸ਼ 'ਤੇ ਨੰਬਰਦਾਰਾਂ ਨੂੰ ਸ਼ਿਕਾਇਤ ਨਿਵਾਰਣ ਕਮੇਟੀ ਅਤੇ ਮਾਲ ਕਮੇਟੀ ਵਿਚ ਸ਼ਾਮਲ ਕਰਨਾ, ਮੋਬਾਇਲ ਅਤੇ ਮੁਫਤ ਬੱਸ ਪਾਸ ਦੀ ਸਹੂਲਤ ਮੁਹੱਈਆ ਕਰਵਾਉਣਾ, ਟੈਕਸਾਂ ਤੋਂ ਰਾਹਤ ਦਿਵਾਉਣਾ ਅਤੇ ਪੰਜ ਲੱਖ ਰੁਪਏ ਤੱਕ ਦਾ ਬੀਮਾ ਕਰਨਾ ਆਦਿ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੂੰ ਮਾਲ ਮੰਤਰੀ ਵਲੋਂ ਜਲਦੀ ਹੀ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਗਿਆ।


Related News