ਪੰਜਾਬ ''ਚ ਨਸ਼ਾ ਪੀੜਤ ਮਰੀਜ਼ਾਂ ਲਈ ਚੰਗੀ ਖਬਰ, ਘਰ ਲਿਜਾ ਸਕਣਗੇ 21 ਦਿਨਾਂ ਦੀ ਦਵਾਈ

04/15/2020 11:52:16 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ 'ਚ ਨਵੇਂ ਨਸ਼ਾ ਪੀੜਤ ਸ਼ਾਮਲ ਹੋ ਗਏ ਹਨ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜ਼ਿਲੇ 'ਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵਾਇਰਸ ਸਬੰਧੀ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ ਪੀੜਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਮਹਿਜ਼ 20 ਦਿਨਾਂ 'ਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ 'ਚ ਕਰਫਿਊ ਲਾਇਆ ਗਿਆ ਹੈ, ਜਿਸ ਦਾ ਪ੍ਰਭਾਵ ਨਸ਼ਾ ਛੁਡਾਊ ਪ੍ਰੋਗਰਾਮ 'ਤੇ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ 'ਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ, ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ, ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ, 377 ਦੀ ਹੋਈ ਮੌਤ


ਬਲਬੀਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਇਸ ਚੁਣੌਤੀ ਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ. ਓ.ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੈਂਸਸ਼ੁਦਾ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਵਲੋਂ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ ਅਤੇ ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲਿਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਿਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜ਼ਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ 'ਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ `ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।

ਇਹ ਵੀ ਪੜ੍ਹੋ : ਚੀਨ ਦੇ ਵੁਹਾਨ 'ਚ ਫਿਰ ਤੋਂ ਲੱਗੀ ਵੈੱਟ ਮਾਰਕਿਟ, ਲਾਗੂ ਹੈ ਇਹ ਸ਼ਰਤ
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕ ਡਾਊਨ ਦੇ ਇਸ ਸਮੇਂ ਦੌਰਾਨ ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓ. ਟੀ. ਕਲੀਨਿਕਾਂ 'ਚ ਆਉਣ ਸਬੰਧੀ ਸਹੂਲਤ ਦੇਣ ਲਈ ਪੰਚਾਇਤਾਂ ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਸਭਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁੰਮਰਾਹ ਨੌਜਵਾਨਾਂ ਨੂੰ ਮੁੜ ਰਾਹ 'ਤੇ ਪਾਇਆ ਜਾ ਸਕੇ, ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 'ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਦੀਆਂ ਸੇਵਾਵਾ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  
ਇਹ ਵੀ ਪੜ੍ਹੋ : ਲੁਧਿਆਣਾ : ਕੋਰੋਨਾ ਦੇ ਕਹਿਰ 'ਚ ਵੀ ਨਾ ਪਸੀਜੇ ਜ਼ਾਲਮਾਂ ਦੇ ਦਿਲ, ਖੌਫਨਾਕ ਵਾਰਦਾਤ ਆਈ ਸਾਹਮਣੇ
 

Babita

This news is Content Editor Babita