ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ''ਤੇ ਕੇਂਦਰ ਨੂੰ ਅਪੀਲ ਤਾਂ ਭਾਜਪਾ ਬੋਲੀ, ਸਿਆਸਤ ਦਾ ਸਮਾਂ ਨਹੀਂ
Thursday, May 28, 2020 - 05:04 PM (IST)
ਲੁਧਿਆਣਾ (ਨਰਿੰਦਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ਤੋਂ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਵੱਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੇਂਦਰ ਸਰਕਾਰ ਅੱਗੇ ਗਰੀਬ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਮਦਦ ਲਈ ਅਪੀਲ ਕੀਤੀ ਗਈ। ਇਸ ਅਪੀਲ ਰਾਹੀਂ ਕੇਂਦਰ ਸਰਕਾਰ ਨੂੰ ਵੱਖ-ਵੱਖ ਖੇਤਰਾਂ 'ਚ ਲਗਾਤਾਰ ਮੰਦੀ ਦੀ ਮਾਰ ਝੱਲ ਰਹੇ ਲੋਕਾਂ ਦੀ ਮਾਲੀ ਮਦਦ ਕਰਨ ਦੀ ਮੰਗ ਕੀਤੀ ਗਈ ਅਤੇ ਕਿਹਾ ਕਿ ਅੱਜ ਆਮ ਆਦਮੀ ਕੋਲ ਰੋਟੀ ਖਾਣ ਨੂੰ ਪੈਸੇ ਨਹੀਂ ਹਨ ਅਤੇ ਮਜ਼ਦੂਰ ਵਰਗ ਪਰੇਸ਼ਾਨ ਹੈ।
ਇਸ ਲਈ ਲੋੜ ਹੈ ਕਿ ਸਰਕਾਰ ਉਨ੍ਹਾਂ ਦੀ ਸਾਰ ਲਵੇ। ਇਸ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਿਹਾ ਹੈ ਕਿ ਸੁਨੀਲ ਜਾਖੜ ਮਾਨਸਿਕ ਤੌਰ 'ਤੇ ਆਪਣਾ ਸੰਤੁਲਨ ਖੋਹ ਬੈਠੇ ਹਨ ਅਤੇ ਇਸ ਕਰਕੇ ਹੀ ਅਜਿਹੀਆਂ ਹਰਕਤਾਂ ਕਰ ਰਹੇ ਹਨ। ਪ੍ਰਵੀਨ ਬੰਸਲ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਰਲ-ਮਿਲ ਕੇ ਇਸ ਬੀਮਾਰੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਵੇਲੇ ਸਿਆਸਤ ਨਹੀਂ ਕਰਨੀ ਚਾਹੀਦੀ। ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਅੱਜ ਫੇਸਬੁੱਕ 'ਤੇ ਲਾਈਵ ਹੋ ਕੇ ਕੇਂਦਰ ਸਰਕਾਰ 'ਤੇ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ, ਜੋ ਬੈਂਕ ਖਾਤਿਆਂ 'ਚ ਪੈਸੇ ਪਾਉਣੇ ਸੀ, ਉਹ ਨਹੀਂ ਪਾਏ ਗਏ। ਇਸ ਤੋਂ ਇਲਾਵਾ ਨਾ ਬੇਰੋਜ਼ਗਾਰੀ ਭੱਤਾ ਦਿੱਤਾ ਗਿਆ ਅਤੇ ਨਾ ਹੀ ਮਜ਼ਦੂਰਾਂ ਲਈ ਮੁਫ਼ਤ ਬੱਸਾਂ, ਰੇਲਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ 'ਚ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ।