ਨੌਵੀਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਗੀਤ ਗਾਇਨ'' ਮੁਕਾਬਲੇ 20 ਨੂੰ

Sunday, Jul 19, 2020 - 04:14 PM (IST)

ਨੌਵੀਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ''ਗੀਤ ਗਾਇਨ'' ਮੁਕਾਬਲੇ 20 ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਮਹਿਕਮੇ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਦੂਜੀ ਪ੍ਰਤੀਯੋਗਿਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲ ਰਹੇ ਇਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ।

ਇਨ੍ਹਾਂ 'ਚ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ। ਸਿੱਖਿਆ ਮਹਿਕਮੇ ਦੇ ਬੁਲਾਰੇ ਮੁਤਾਬਕ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ।

ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਿਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਿਤ ਸਕੂਲ ਮੁਖੀ ਤੇ ਅਧਿਆਪਕ ਮਹਿਕਮੇ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।


author

Babita

Content Editor

Related News