ਪੰਜਾਬ ਤੋਂ ਵਿਦੇਸ਼ ਪੜ੍ਹਾਈ ਤੇ ਨੌਕਰੀ ਲਈ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋ ਰਹੀ ਇਹ ਸਹੂਲਤ

Wednesday, Jan 06, 2021 - 11:23 AM (IST)

ਪੰਜਾਬ ਤੋਂ ਵਿਦੇਸ਼ ਪੜ੍ਹਾਈ ਤੇ ਨੌਕਰੀ ਲਈ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋ ਰਹੀ ਇਹ ਸਹੂਲਤ

ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਵੱਲੋਂ 15 ਫਰਵਰੀ ਤੋਂ 'ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਸੈੱਲ' ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਸੈੱਲ ਦੀ ਸਥਾਪਨਾ ਵਿਦੇਸ਼ 'ਚ ਪੜ੍ਹਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ‘ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਕੀਤੀ ਗਈ ਹੈ। ਇਹ ਖ਼ੁਲਾਸਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਅਧੀਨ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸੈੱਲ ਦੀ ਸ਼ੁਰੂਆਤ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ 'ਅਕਾਲੀ ਦਲ ਬਾਦਲ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਫੜ੍ਹਿਆ ਕਾਂਗਰਸ ਦਾ ਹੱਥ

ਇਸ ਸੈੱਲ ਵਿਖੇ ਨੌਜਵਾਨਾਂ ਨੂੰ ਕਾਊਂਸਲਿੰਗ ਮਗਰੋਂ ਸਟੱਡੀ ਵੀਜ਼ਾ ਅਤੇ ਵਰਕ ਵੀਜ਼ਾ ਲੈਣ ਲਈ ਸਰਕਾਰ ਵੱਲੋਂ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਮੰਤਵ ਲਈ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਭਾਰਤ ਸਰਕਾਰ ਤੋਂ ਪ੍ਰਵਾਨਗੀ ਵੀ ਮਿਲ ਗਈ ਹੈ। ਹੁਣ ਇਸ ਦੇ ਅਗਲੇ ਪੜਾਅ ਤਹਿਤ ਵਿਦੇਸ਼ੀ ਯੂਨੀਵਰਸਿਟੀਆਂ ਅਤੇ ਕਾਲਜਾਂ ਨਾਲ ਪੰਜਾਬੀ ਨੌਜਵਾਨਾਂ ਨੂੰ ਸਟੱਡੀ ਵੀਜ਼ਾ ਦੀ ਸਹਾਇਤਾ ਲਈ ਗੱਲਬਾਤ ਚੱਲ ਰਹੀ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸ਼ੁਰੂ ਕੀਤੀ ਭੁੱਖ-ਹੜ੍ਹਤਾਲ, ਪ੍ਰਸ਼ਾਸਨ 'ਤੇ ਲਾਏ ਇਹ ਵੱਡੇ ਦੋਸ਼

ਇਹ ਸੈੱਲ ਵੱਧ ਤੋਂ ਵੱਧ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਦਿਲਚਸਪੀ ਦੇ ਆਧਾਰ ’ਤੇ ਸਟੱਡੀ ਵੀਜ਼ਾ ਅਤੇ ਵਰਕ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਫ਼ੀ ਮੱਦਦਗਾਰ ਸਾਬਤ ਹੋਵੇਗਾ। ਇੱਥੇ ਪੰਜਾਬ ਭਵਨ 'ਚ ਸਕੱਤਰ ਰਾਹੁਲ ਤਿਵਾੜੀ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨਾਲ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਸ ਸਾਲ ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 10 ਲੱਖ ਲੋਕਾਂ ਨੂੰ ਰੁਜ਼ਗਾਰ/ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ, ਜਿਸ ਤਹਿਤ ਇਕ ਲੱਖ ਸਰਕਾਰੀ ਨੌਕਰੀਆਂ, 4 ਲੱਖ ਨਿੱਜੀ ਖੇਤਰ 'ਚ ਨੌਕਰੀਆਂ ਅਤੇ ਪੰਜ ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਮੰਡਰਾਉਣ ਲੱਗਾ 'ਬਰਡ ਫਲੂ' ਦਾ ਖ਼ਤਰਾ, ਸੁਖਨਾ ਝੀਲ ਕੋਲ ਮ੍ਰਿਤਕ ਮਿਲਿਆ 'ਪੰਛੀ'

ਇਸ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਹੁਣ ਤੱਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ‘ਘਰ ਘਰ ਰੁਜ਼ਗਾਰ ਮਿਸ਼ਨ’ ਨੂੰ ਨਿਵੇਕਲੀ ਪਹਿਲ ਕਦਮੀ ਗਰਦਾਨਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਅਧੀਨ ਮਹਿਕਮੇ ਨੂੰ ਨਵੇਂ ਸਿਰਿਓਂ ਵਿਉਂਤਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਨੂੰ ਇਸ ਅਧੀਨ ਲਿਆਂਦਾ ਗਿਆ ਹੈ। ਪੰਜਾਬ 'ਚ ਜਾਪਾਨ ਤੋਂ ਨਿਵੇਸ਼ ਦੀਆਂ ਸੰਭਾਵਨਾਵਾਂ ਦੀ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਸੂਬੇ 'ਚ ਜਾਪਾਨੀ ਭਾਸ਼ਾ ਦੇ ਸਿਖਲਾਈ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਦੇ ਪਹਿਲੇ ਪੜਾਅ ਨੂੰ ਪੂਰਾ ਕਰ ਲਿਆ ਹੈ। ਇਸ ਤਹਿਤ ਜਾਪਾਨੀ ਭਾਸ਼ਾ ਦੀ ਸਿਖਲਾਈ ਦੇਣ ਲਈ 37 ਮਾਸਟਰ ਟ੍ਰੇਨਰ ਤਿਆਰ ਕੀਤੇ ਗਏ ਹਨ, ਜੋ 18 ਤੋਂ 45 ਸਾਲ ਦੇ ਨੌਜਵਾਨਾਂ ਨੂੰ ਜਾਪਾਨੀ ਭਾਸ਼ਾ ਦਾ 200 ਘੰਟੇ ਦਾ ਕੋਰਸ ਕਰਵਾਉਣਗੇ।
ਨੋਟ : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦਿਓ ਰਾਏ


author

Babita

Content Editor

Related News